- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਛਲੇੜੀ ਕਲਾਂ ਦੀ ਪੰਚਾਇਤੀ ਜ਼ਮੀਨ ਦਾ ਵਿਵਾਦ ਭਖਿਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪਿੰਡ ਛਲੇੜੀ ਕਲਾਂ ਦੀ ਪੰਚਾਇਤੀ ਜ਼ਮੀਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਦਿਨੋਂ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਦੇ ਇਕ ਵਫ਼ਦ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਜ਼ਮੀਨ ਦੀ ਲੀਜ਼ ਪ੍ਰਕਿਰਿਆ ’ਤੇ ਗੰਭੀਰ ਸਵਾਲ ਚੁੱਕੇ ਹਨ। ਨਾਗਰਾ ਨੇ ਦਾਅਵਾ ਕੀਤਾ ਕਿ ਪ੍ਰਸ਼ਾਸਨ ਵੱਲੋਂ ਇਕ ਵੱਡੇ ਆਗੂ ਦੇ ਦਬਾਅ ਹੇਠ ਇਹ ਜ਼ਮੀਨ ਚੰਡੀਗੜ੍ਹ ਦੇ ਇਕ ਵਿਅਕਤੀ ਨੂੰ ਲੀਜ਼ ’ਤੇ ਦਿੱਤੀ ਗਈ ਹੈ ਅਤੇ ਇਸ ਦੌਰਾਨ ਨਾ ਤਾਂ ਪਿੰਡ ਵਾਸੀਆਂ ਦੀ ਮੌਜੂਦਗੀ ’ਚ ਬੋਲੀ ਕਰਵਾਈ ਗਈ ਅਤੇ ਨਾ ਹੀ ਵੀਡੀਓਗ੍ਰਾਫੀ ਕੀਤੀ ਗਈ। ਨਾਗਰਾ ਨੇ ਦੋਸ਼ ਲਾਇਆ ਕਿ ਲੀਜ਼ ਲੈਣ ਵਾਲਾ ਵਿਅਕਤੀ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਜ਼ਮੀਨ ’ਤੇ ਕਬਜ਼ਾ ਕਰਨ ਆਇਆ ਸੀ ਅਤੇ ਪਿੰਡ ਵਾਸੀਆਂ ਨਾਲ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਫੜੇ ਗਏ ਤਿੰਨ ਵਿਅਕਤੀਆਂ ਨੂੰ ਪੁਲਿਸ ਨੇ ਸਿਆਸੀ ਦਬਾਅ ਹੇਠ ਬਿਨਾਂ ਕਾਰਵਾਈ ਛੱਡ ਦਿੱਤਾ। ਸਾਬਕਾ ਵਿਧਾਇਕ ਨੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ’ਤੇ ਸਾਜ਼ਿਸ਼ ਰਚਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਪਿੰਡ ਵਾਸੀਆਂ ਦੀ ਜ਼ਮੀਨ ਹੜੱਪਣ ਲਈ ਪੰਚਾਇਤ ’ਤੇ ਗੈਰ-ਕਾਨੂੰਨੀ ਤਰੀਕੇ ਨਾਲ ਪ੍ਰਬੰਧਕ ਨਿਯੁਕਤ ਕਰ ਦਿੱਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪਿੰਡ ਵਾਸੀਆਂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਾਗਰਾ ਮੁਤਾਬਿਕ ਪਿੰਡ ਵਾਸੀਆਂ ਲਖਵਿੰਦਰ ਸਿੰਘ ਛਲੇੜੀ, ਤਰਸੇਮ ਸਿੰਘ ਅਤੇ ਅਮਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵਿਰਾਸਤ ਸੰਭਾਲਣ ਦੇ ਦਾਅਵੇ ਕਰ ਰਹੇ ਹਨ ਤੇ ਦੂਜੇ ਪਾਸੇ ਲੋਕਾਂ ਦੀਆਂ ਪੁਸ਼ਤੈਨੀ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 2012 ਤੋਂ 2022 ਤੱਕ ਇਸ ਜ਼ਮੀਨ ਨੂੰ ਲੈ ਕੇ ਕੋਈ ਵਿਵਾਦ ਨਹੀਂ ਸੀ, ਪਰ ਸਰਕਾਰ ਬਦਲਣ ਤੋਂ ਬਾਅਦ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਬਜ਼ੇ ਦੀਆਂ ਕੋਸ਼ਿਸ਼ਾਂ ਸ਼ੁਰੂ ਹੋਈਆਂ। ਪਿੰਡ ਵਾਸੀਆਂ ਨੇ ਦੱਸਿਆ ਕਿ ਜ਼ਮੀਨ ਦੇ ਸਾਰੇ ਸਬੂਤ ਪ੍ਰਸ਼ਾਸਨ ਨੂੰ ਦਿੱਤੇ ਗਏ ਹਨ ਅਤੇ ਮਾਮਲਾ ਮਾਣਯੋਗ ਅਦਾਲਤ ’ਚ ਵਿਚਾਰ ਅਧੀਨ ਹੈ, ਫਿਰ ਵੀ ਪ੍ਰਸ਼ਾਸਨ ਅਦਾਲਤੀ ਹੁਕਮਾਂ ਨੂੰ ਅਣਦੇਖਿਆ ਕਰਕੇ ਕਬਜ਼ਾ ਕਰਵਾਉਣ ’ਤੇ ਤੁਲਿਆ ਹੋਇਆ ਹੈ। ਇਸ ਮੌਕੇ ਗੁਰਮੁੱਖ ਸਿੰਘ ਪੰਡਰਾਲੀ, ਸੁਬੇਗ ਸਿੰਘ, ਲਖਵਿੰਦਰ ਸਿੰਘ ਲੱਖਾ, ਅਮਰ ਸਿੰਘ, ਭਗਵਾਨ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।