ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਸੰਪੰਨ
ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਸੰਪੰਨ
Publish Date: Tue, 06 Jan 2026 05:57 PM (IST)
Updated Date: Tue, 06 Jan 2026 05:59 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ‘ਨੌਜਵਾਨ ਨਸ਼ਿਆਂ ਵਿਰੁੱਧ’ ਅੱਜ ਸਮਾਪਤ ਹੋ ਗਈ। ਇਸ ਸਬੰਧੀ ਇਕ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਅਰੁਣ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੰਬੋਧਨ ਕਰਦਿਆਂ ਅਰੁਣ ਕੁਮਾਰ ਗੁਪਤਾ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ। ਮੁਹਿੰਮ ਦੌਰਾਨ ਵੱਖ-ਵੱਖ ਪਿੰਡਾਂ, ਕਸਬਿਆਂ ਤੇ ਵਿੱਦਿਅਕ ਅਦਾਰਿਆਂ ’ਚ ਸੈਮੀਨਾਰ ਤੇ ਜਾਗਰੂਕਤਾ ਕੈਂਪ ਲਗਾ ਕੇ ਹਜ਼ਾਰਾਂ ਨੌਜਵਾਨਾਂ ਤੱਕ ਪਹੁੰਚ ਕੀਤੀ ਗਈ। ਮੁਹਿੰਮ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਇਸ ਮੁਹਿੰਮ ਵਿਚ ਯੋਗਦਾਨ ਪਾਉਣ ਵਾਲੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਵਿਦਿਅਕ ਅਦਾਰਿਆਂ ਦੇ ਮੁਖੀਆਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੀਮ ਮੈਂਬਰਾਂ ਅਤੇ ਵਲੰਟੀਅਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਅਰੁਣ ਗੁਪਤਾ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਿਰਫ਼ ਕਾਨੂੰਨ ਰਾਹੀਂ ਸੰਭਵ ਨਹੀਂ ਹੈ, ਇਸ ਲਈ ਸਮਾਜ ਦੇ ਹਰ ਵਰਗ ਅਤੇ ਸਰਕਾਰੀ ਤੰਤਰ ਦਾ ਸਾਂਝਾ ਸਹਿਯੋਗ ਬਹੁਤ ਜ਼ਰੂਰੀ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਸ਼ੋਕ ਕੁਮਾਰ ਚੌਹਾਨ ਨੇ ਕਿਹਾ ਕਿ ਭਾਵੇਂ ਇਹ ਮੁਹਿੰਮ ਅਧਿਕਾਰਤ ਤੌਰ ’ਤੇ ਸਮਾਪਤ ਹੋ ਗਈ ਹੈ, ਪਰ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਭਵਿੱਖ ਵਿਚ ਵੀ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਜਾਰੀ ਰੱਖੇਗੀ।