ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਨ ਸੰਪਰਕ ਮੀਟਿੰਗ
ਜ਼ਿਲ੍ਹਾ ਪੁਲਿਸ ਮੁਖੀ ਸੁਭਮ ਅਗਰਵਾਲ ਨੇ ਲੋਕਾਂ ਨੂੰ ਨਸ਼ਿਆਂ ਖਿਲਾਫ ਮੁਹਿੰਮ ਵਿੱਚ ਸਹਿਯੋਗ ਦੀ ਕੀਤੀ ਅਪੀਲ
Publish Date: Sat, 14 Mar 2026 05:16 PM (IST)
Updated Date: Sun, 15 Mar 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਸੁਭਮ ਅਗਰਵਾਲ ਵੱਲੋਂ ਜਿੰਮਖਾਨਾ ਕਲੱਬ, ਮੰਡੀ ਗੋਬਿੰਦਗੜ੍ਹ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਨ ਸੰਪਰਕ ਮੀਟਿੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ਿਆਂ ਦਾ ਖਾਤਮਾ ਕਰਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਹ ਤਾਂ ਹੀ ਖਤਮ ਹੋ ਸਕਦੀ ਹੈ ਜੇਕਰ ਹਰੇਕ ਵਰਗ ਦੇ ਲੋਕ ਪੁਲਿਸ ਵੱਲੋਂ ਚਲਾਈ ਮੁਹਿੰਮ ਵਿੱਚ ਉਸਾਰੂ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਮੈਂਬਰ ਨਸ਼ਿਆਂ ਦਾ ਸੇਵਨ ਕਰਦਾ ਹੈ ਤਾਂ ਉਸ ਸਬੰਧੀ ਪੁਲਿਸ ਨਾਲ ਤਾਲਮੇਲ ਕੀਤਾ ਜਾਵੇ ਅਤੇ ਉਸ ਵਿਅਕਤੀ ਦਾ ਨਸ਼ਾ ਛੁਡਵਾ ਕੇ ਉਸ ਨੂੰ ਸਮਾਜ ਅੰਦਰ ਮੁੜ ਇੱਕ ਚੰਗੇ ਸ਼ਹਿਰੀ ਵਾਂਗ ਜੀਵਨ ਬਤੀਤ ਕਰਨ ਵਿੱਚ ਪੁਲਿਸ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਅੰਦਰ ਕਰੀਬ 1300 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 1600 ਦੇ ਕਰੀਬ ਛੋਟੇ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪੂਰੇ ਜਿਲ੍ਹੇ ਵਿੱਚ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਗਈਆਂ 15 ਨਜਾਇਜ ਉਸਾਰੀਆਂ ਨੂੰ ਢਾਹਿਆ ਗਿਆ ਹੈ ਅਤੇ ਅਮਲੋਹ ਹਲਕੇ ਵਿੱਚੋਂ ਸਭ ਤੋਂ ਵੱਧ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਗਈਆਂ ਨਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ ਹੈ। ਜਿਸ ਨਾਲ ਨਸ਼ਾ ਤਸਕਰਾਂ ਨੂੰ ਸਖਤ ਸੰਦੇਸ਼ ਦਿੱਤਾ ਗਿਆ ਹੈ ਕਿ ਕਾਨੂੰਨ ਦੀ ਉਲੰਘਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਡੀਐਸਪੀ ਅਮਲੋਹ ਗੁਰਦੀਪ ਸਿੰਘ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਤੇ ਆਮ ਲੋਕ ਮੌਜੂਦ ਸਨ।