- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਮਮਤਾ ਦਿਵਸ ਦੀ ਕੀਤੀ ਚੈਕਿੰਗ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਵਲ ਸਰਜਨ ਡਾ. ਅਰਵਿੰਦਰ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ ਵਿਚ ਚੱਲ ਰਹੇ ਮਮਤਾ ਦਿਵਸ ਦੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਟੀਕਾਕਰਨ ਸੇਵਾਵਾਂ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਅਤੇ ਮਮਤਾ ਦਿਵਸ ਵਾਲੇ ਦਿਨ ਪਿੰਡਾਂ ’ਚ ਲੋਕਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਸਮੇਂ ਸਿਰ ਲੱਗੀ ਵੈਕਸੀਨ ਸਾਰੀ ਉਮਰ ਲਈ ਬਿਮਾਰੀਆਂ ਤੋਂ ਬਚਾਅ ਕਰਦੀ ਹੈ। ਇਸ ਚੈਕਿੰਗ ਦੌਰਾਨ ਉਨ੍ਹਾਂ ਟੀਕਾਕਰਨ ਰਜਿਸਟਰ, ਵੈਕਸੀਨ ਦੇ ਰੱਖ-ਰਖਾਵ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ, ਵੈਕਸੀਨ ਦੀ ਮਿਆਦ, ਐਮਸੀਪੀ ਕਾਰਡ ਆਦਿ ਦੀ ਜਾਂਚ ਕੀਤੀ। ਉਨ੍ਹਾਂ ਬੱਚਿਆਂ ਦਾ ਟੀਕਾਕਰਨ ਕਰਵਾਉਣ ਆਈਆਂ ਮਾਵਾਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਖਾਣ, ਮਾਂ ਦੇ ਦੁੱਧ ਦੀ ਮਹੱਤਤਾ ਅਤੇ ਸੰਪੂਰਨ ਟੀਕਾਕਰਨ ਕਰਵਾਉਣ ਲਈ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ 14 ਸਾਲ ਦੀ ਉਮਰ ’ਚ ਐਚਪੀਵੀ ਵੈਕਸੀਨ ਲਗਾਉਣ ਦੀ ਮੁਹਿੰਮ ਅਗਸਤ ਮਹੀਨੇ ਤੱਕ ਜਾਰੀ ਰਹੇਗੀ। ਇਹ ਵੈਕਸੀਨ ਸਾਰੇ ਕਮਿਊਨਿਟੀ ਸਿਹਤ ਕੇਂਦਰਾਂ, ਸਬ-ਡਿਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲ ’ਚ ਰੋਜ਼ਾਨਾ ਮੁਫ਼ਤ ਲਗਾਈ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਐਲਐਚਵੀ ਜਸਵਿੰਦਰ ਕੌਰ, ਏਐਨਐਮ ਅਮਨਦੀਪ ਕੌਰ, ਅਨਿਲ ਭਾਰਦਵਾਜ, ਆਸ਼ਾ ਵਰਕਰ, ਗਰਭਵਤੀ ਔਰਤਾਂ ਅਤੇ ਬੱਚੇ ਹਾਜ਼ਰ ਸਨ।