ਕੇਂਦਰ ਤੋਂ ਫ਼ਸਲ ਖ਼ਰੀਦ ’ਚ ਢਿੱਲ ਦੇਣ ਦੀ ਮੰਗ
ਡਾ. ਅਮਰ ਸਿੰਘ ਸਿੰਘ ਵੱਲੋਂ ਕੇਂਦਰ ਤੋਂ ਫ਼ਸਲ ਖ਼ਰੀਦ ਵਿਚ ਢਿੱਲ ਦੇਣ ਦੀ ਮੰਗ
Publish Date: Thu, 16 Apr 2026 06:04 PM (IST)
Updated Date: Fri, 17 Apr 2026 04:13 AM (IST)

ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਪੰਜਾਬ ਨਾਲ ਵਿਤਕਰਾ ਬੰਦ ਕਰਦੇ ਹੋਏ ਹਰਿਆਣਾ ਅਤੇ ਰਾਜਸਥਾਨ ਦੀ ਤਰਜ ’ਤੇ ਖ਼ਰੀਦ ਨਿਯਮਾਂ ਵਿਚ ਢਿੱਲ ਦਿੱਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਵੱਡੇ ਨੁਕਸਾਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸੰਬੰਧ ਵਿਚ ਕੇਂਦਰੀ ਖਾਦ ਮੰਤਰੀ ਪ੍ਰਲਹਾਦ ਜੋਸ਼ੀ ਨੂੰ ਲਿਖਤੀ ਰੂਪ ਵਿਚ ਪੰਜਾਬ ਦੇ ਕਿਸਾਨਾਂ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਹੈ। ਡਾ. ਅਮਰ ਸਿੰਘ ਨੇ ਕਿਹਾ ਕਿ ਮਾਰਚ ਅਤੇ ਅਪ੍ਰੈਲ ਦੇ ਸ਼ੁਰੂ ਵਿਚ ਬੇ-ਮੌਸਮੀ ਬਰਸਾਤਾਂ ਅਤੇ ਗੜ੍ਹੇਮਾਰੀ ਕਾਰਨ ਪੰਜਾਬ ਵਿਚ ਖੜੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਦਾ ਪ੍ਰਭਾਵ ਹੁਣ ਮੰਡੀਆਂ ਵਿਚ ਸਾਫ਼਼ ਦਿਖਾਈ ਦੇ ਰਿਹਾ ਹੈ, ਜਿੱਥੇ ਕਿਸਾਨ ਆਪਣੀ ਫ਼ਸਲ ਲੈ ਕੇ ਬੈਠੇ ਹਨ ਪਰ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਮੌਸਮੀ ਨੁਕਸਾਨ ਦੇ ਬਾਵਜੂਦ ਵੀ ਕੇਂਦਰ ਸਰਕਾਰ ਵੱਲੋਂ ਨਮੀ ਅਤੇ ਦਾਣਾ ਸੁੰਗੜਨ ਵਰਗੇ ਖ਼ਰੀਦ ਮਾਪਦੰਡਾਂ ਵਿਚ ਕੋਈ ਢਿੱਲ ਨਹੀਂ ਦਿੱਤੀ ਗਈ। ਜਿਸ ਕਾਰਨ ਕਿਸਾਨਾਂ ਦੀ ਫ਼ਸਲ ਮਿਆਰਾਂ ’ਤੇ ਖਰੀ ਨਾ ਉਤਰਣ ਕਰਕੇ ਖ਼ਰੀਦ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਚਿੰਤਾਜਨਕ ਗੱਲ ਹੈ। ਪਿਛਲੇ ਸਾਲ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਨੇ ਲੱਖਾਂ ਏਕੜ ਵਿਚ ਫ਼ਸਲਾਂ ਨੂੰ ਤਬਾਹ ਕਰ ਦਿੱਤਾ ਸੀ। ਜਿੱਥੇ ਝੋਨੇ ਦੀ ਫ਼ਸਲ ਬਚ ਗਈ, ਉੱਥੇ ਵੀ ਪੈਦਾਵਾਰ ਕਾਫ਼ੀ ਘੱਟ ਰਹੀ। ਇਸ ਤਰ੍ਹਾਂ ਪੰਜਾਬ ਦੇ ਕਿਸਾਨ ਕਣਕ ਅਤੇ ਝੋਨੇ, ਦੋਹਾਂ ਮੌਸਮਾਂ ਵਿਚ ਵੱਡੇ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਅਪੀਲ ਕੀਤੀ ਕਿ ਮੌਜੂਦਾ ਗੰਭੀਰ ਹਾਲਾਤਾਂ ਨੂੰ ਦੇਖਦੇ ਹੋਏ ਤੁਰੰਤ ਖ਼ਰੀਦ ਨਿਯਮਾਂ ਵਿਚ ਰਾਹਤ ਦਿੱਤੀ ਜਾਵੇ ਅਤੇ ਸੰਬੰਧਤ ਏਜੰਸੀਆਂ ਨੂੰ ਮੰਡੀਆਂ ਵਿਚ ਪਈ ਫ਼ਸਲ ਦੀ ਖ਼ਰੀਦ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਫੈਸਲਾ ਨਾ ਲਿਆ ਗਿਆ ਤਾਂ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਵੇਗਾ, ਜਿਸ ਨਾਲ ਪੰਜਾਬ ਦੀ ਖੇਤੀਬਾੜੀ ਆਰਥਿਕਤਾ ’ਤੇ ਵੀ ਗੰਭੀਰ ਅਸਰ ਪਵੇਗਾ।