- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਨੇ ਅਮਲੋਹ ਹਲਕੇ ਦੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕੇ ਅੰਦਰ ਵਧ ਰਹੇ ਨਸ਼ੇ ਦੇ ਕਾਰੋਬਾਰ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਰਾਜੂ ਖੰਨਾ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੀ ਕਥਿਤ ਪੁਸ਼ਤਪਨਾਹੀ ਅਤੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਾ ਖ਼ਤਮ ਕਰਨ ਦੇ ਵੱਡੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ’ਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਸਿਆਸੀ ਦਬਾਅ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਕਿਸੇ ਵੀ ਅਧਿਕਾਰੀ ਜਾਂ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਣ ’ਤੇ ਕਾਨੂੰਨ ਅਨੁਸਾਰ ਕਾਰਵਾਈ ਹੋਵੇ। ਇਸ ਦੇ ਨਾਲ ਹੀ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਠੋਸ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਸੂਬਾ ਜਥੇਬੰਦਕ ਸਕੱਤਰ ਸ਼ਰਧਾ ਸਿੰਘ ਛੰਨਾ, ਹਲਕਾ ਆਬਜ਼ਰਵਰ ਹਰਬੰਸ ਸਿੰਘ ਬਡਾਲੀ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੌੜਾ, ਜਥੇਦਾਰ ਜਰਨੈਲ ਸਿੰਘ ਮਾਜਰੀ, ਸਿਮਰਨਜੀਤ ਸਿੰਘ ਧਾਲੀਵਾਲ, ਯੂਥ ਆਗੂ ਕਰਨਵੀਰ ਸਿੰਘ ਲਾਡੀ, ਪ੍ਰਦੀਪ ਕੁਮਾਰ ਮਿੰਟੂ, ਗੁਰਪ੍ਰੀਤ ਸਿੰਘ ਨੋਨੀ ਅਤੇ ਸੁਖਦੇਵ ਸਿੰਘ ਅੱਤਲੀ ਆਦਿ ਮੌਜੂਦ ਸਨ।