- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਸ਼ ਭਗਤ ਗਲੋਬਲ ਸਕੂਲ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਦੁਸਹਿਰਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐਸ) ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ ਗਿਆ। ਸਮਾਗਮ ਦੌਰਾਨ ਕਰਵਾਈ ਗਈ ਵਿਸ਼ੇਸ਼ ਸਵੇਰ ਦੀ ਸਭਾ ’ਚ ਵਿਦਿਆਰਥੀਆਂ ਨੇ ਭਜਨ ਗਾਏ, ਦੁਸਹਿਰੇ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਤੇ ਰਾਮਾਇਣ ਦੇ ਪ੍ਰਸੰਗਾਂ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ। ਸਮਾਗਮ ਦਾ ਮੁੱਖ ਆਕਰਸ਼ਣ ਰਾਵਣ ਦੇ ਪੁਤਲੇ ਦਾ ਪ੍ਰਤੀਕਾਤਮਕ ਦਹਿਨ ਰਿਹਾ, ਜੋ ਸਮਾਜ ’ਚੋਂ ਬੁਰਾਈ ਦੇ ਨਾਸ ਦਾ ਪ੍ਰਤੀਕ ਹੈ। ਸਮਾਗਮ ਦੌਰਾਨ ‘ਬਨਵਾਸ ਤੋਂ ਜਿੱਤ ਤੱਕ’ ਵਿਸ਼ੇ ਤਹਿਤ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਲਈ ਕਈ ਰੌਚਕ ਗਤੀਵਿਧੀਆਂ ਕਰਵਾਈਆਂ ਗਈਆਂ। ਬਾਲਵਾਟਿਕਾ ਦੇ ਬੱਚਿਆਂ ਨੇ ਰਾਮਾਇਣ ’ਤੇ ਆਧਾਰਿਤ ਫ਼ਿਲਮ ਦੇਖੀ, ਜਦਕਿ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ‘ਰਾਮਾਇਣ ਦੇ ਪਾਤਰਾਂ ਵਰਗੀ ਪਹਿਰਾਵਾ-ਸੱਜਾ’ ਗਤੀਵਿਧੀ ’ਚ ਹਿੱਸਾ ਲਿਆ। ਤੀਜੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਨੇ ਮੁਖੌਟੇ ਬਣਾ ਕੇ ਆਪਣੀ ਸਿਰਜਣਾਤਮਕ ਕਲਾ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਰਾਮਾਇਣ ਦੀ ਸੰਗੀਤਮਈ ਪੇਸ਼ਕਾਰੀ ਨਾਲ ਸਭ ਦਾ ਮਨ ਮੋਹ ਲਿਆ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਪ੍ਰਸ਼ਨੋਤਰੀ ਮੁਕਾਬਲੇ ’ਚ ਆਪਣੀ ਪ੍ਰਤਿਭਾ ਦਿਖਾਈ। ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ, ਜਨਰਲ ਸਕੱਤਰ ਡਾ. ਤਜਿੰਦਰ ਕੌਰ ਅਤੇ ਪ੍ਰਿੰਸੀਪਲ ਇੰਦੂ ਸ਼ਰਮਾ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ। ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਆਪਣੇ ਸੰਦੇਸ਼ ’ਚ ਕਿਹਾ ਕਿ ਇਹ ਤਿਉਹਾਰ ਭਗਵਾਨ ਸ਼੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਤੋਂ ਪ੍ਰੇਰਨਾ ਲੈ ਕੇ ਸੱਚਾਈ, ਧਰਮ, ਨਿਆਂ ਅਤੇ ਨੇਕੀ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।