ਮਾਤਾ ਗੁਜਰੀ ਕਾਲਜ ਨੇ ਕਰਵਾਇਆ ਵਿਸ਼ੇਸ਼ ਲੈਕਚਰ
ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਵਿਸ਼ੇਸ਼ ਲੈਕਚਰ
Publish Date: Wed, 01 Apr 2026 05:28 PM (IST)
Updated Date: Wed, 01 Apr 2026 05:31 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਦੀ ਵਿਦਿਆਰਥੀ ਸੰਸਥਾ ਪਲਾਨਿੰਗ ਫੋਰਮ ਵੱਲੋਂ ਵਿਦਿਆਰਥੀਆਂ ਵਿਚ ਸੰਤੁਲਿਤ ਖੁਰਾਕ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਨੌਜਵਾਨਾਂ ਵਿਚ ਖ਼ੁਰਾਕ ਜਾਗਰੂਕਤਾ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਵਿੱਚ ਕਾਲਜ ਦੇ ਫ਼ੂਡ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਅਜੈ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਚੰਗੀ ਸਿੱਖਿਆ ਗ੍ਰਹਿਣ ਕਰਨ ਦੇ ਨਾਲ-ਨਾਲ ਸਿਹਤਮੰਦ ਅਤੇ ਸੰਤੁਲਿਤ ਖੁਰਾਕ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸੰਤੁਲਿਤ ਭੋਜਨ ਵਿੱਚ ਮੌਜੂਦ ਵੱਖ-ਵੱਖ ਖੁਰਾਕੀ ਤੱਤਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸਮਝਾਇਆ ਕਿ ਸਹੀ ਖੁਰਾਕ ਮਨੁੱਖ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਨੇ ਨੌਜਵਾਨਾਂ ਵਿੱਚ ਫਾਸਟ ਫੂਡ ਵੱਲ ਵੱਧ ਰਹੀ ਰੁਚੀ ’ਤੇ ਵੀ ਚਿੰਤਾ ਪ੍ਰਗਟ ਕਰਦਿਆਂ ਦੱਸਿਆ ਕਿ ਇਸ ਦੇ ਬੇਹਿਸਾਬ ਸੇਵਨ ਨਾਲ ਮੋਟਾਪਾ, ਸ਼ੂਗਰ, ਦਿਲ ਦੀਆਂ ਬਿਮਾਰੀਆਂ ਅਤੇ ਹੋਰ ਕਈ ਸਿਹਤ ਸੰਬੰਧੀ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਅਰਥ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਜੁਪਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਤੁਲਿਤ ਖੁਰਾਕ ਲੈਣਾ ਅੱਜ ਦੇ ਸਮੇਂ ਦੀ ਇੱਕ ਮਹੱਤਵਪੂਰਨ ਲੋੜ ਬਣ ਗਿਆ ਹੈ, ਇਸ ਲਈ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਭੋਜਨ ਦੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅਖੀਰ ਵਿਚ ਪਲਾਨਿੰਗ ਫੋਰਮ ਦੇ ਇੰਚਾਰਜ ਡਾ. ਹਰਸਿਮਰਨ ਸਿੰਘ ਵੱਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ। ਇਸ ਮੌਕੇ ਪ੍ਰੋ. ਜਗਪਾਲ ਸਿੰਘ, ਗਣਿਤ ਵਿਭਾਗ ਤੋਂ ਡਾ. ਰਜਿੰਦਰਪਾਲ, ਡਾ. ਗੁਰਜਿੰਦਰ ਕੌਰ, ਪ੍ਰੋ. ਰਾਜਵੀਰ ਕੌਰ, ਪ੍ਰੋ. ਜਸ਼ਨਪ੍ਰੀਤ ਕੌਰ ਅਤੇ ਵਿਭਾਗ ਦੇ ਸਭ ਵਿਦਿਆਰਥੀ ਹਾਜ਼ਰ ਸਨ।