ਅਕਾਲੀ ਦਲ ਅੰਮ੍ਰਿਤਸਰ ਦੀ ਪੀਏਸੀ ਮੀਟਿੰਗ ’ਚ ਪੰਥਕ ਏਕਤਾ ’ਤੇ ਜ਼ੋਰ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਪੀਏਸੀ ਮੀਟਿੰਗ ’ਚ ਪੰਥਕ ਏਕਤਾ ’ਤੇ ਜ਼ੋਰ
Publish Date: Tue, 21 Apr 2026 06:04 PM (IST)
Updated Date: Tue, 21 Apr 2026 06:07 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਪੀਏਸੀ ਦੀ ਮੀਟਿੰਗ ਹੋਈ। ਮੀਟਿੰਗ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਦੱਸਿਆ ਕਿ ਪਾਰਟੀ ਸਿੱਖ ਕੌਮ ਤੇ ਪੰਜਾਬ ਦੇ ਹਿੱਤਾਂ ਲਈ ਪੰਥਕ ਸਮਝੌਤੇ ਦੀ ਪੂਰਨ ਹਾਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਨੂੰ ਰੋਕਣ ਲਈ ਸਾਰੀਆਂ ਪੰਥਕ ਧਿਰਾਂ ਨੂੰ ਇਕਜੁੱਟ ਹੋ ਕੇ ਸਾਂਝੇ ਉਮੀਦਵਾਰ ਖੜ੍ਹੇ ਕਰਨੇ ਚਾਹੀਦੇ ਹਨ ਤਾਂ ਜੋ ਸੂਬੇ ਵਿੱਚ ਪੰਥਕ ਸਰਕਾਰ ਕਾਇਮ ਕੀਤੀ ਜਾ ਸਕੇ। ਮੀਟਿੰਗ ਦੌਰਾਨ ਵਿਦੇਸ਼ਾਂ ਵਿਚ ਸਿੱਖ ਨੌਜਵਾਨਾਂ ਦੇ ਹੋ ਰਹੇ ਕਤਲਾਂ ਤੇ ਗੰਭੀਰ ਚਿੰਤਾ ਪ੍ਰਗਟਾਈ ਗਈ। ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ ਇਨ੍ਹਾਂ ਕਤਲਾਂ ਪਿੱਛੇ ਜ਼ਿੰਮੇਵਾਰ ਤਾਕਤਾਂ ਵਿਰੁੱਧ ਕੌਮਾਂਤਰੀ ਕਾਨੂੰਨਾਂ ਤਹਿਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੁੱਦੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਂਗਰਸ ਦੀ ਚੁੱਪ ਤੇ ਵੀ ਸਵਾਲ ਉਠਾਏ ਗਏ। ਇਸ ਤੋਂ ਇਲਾਵਾ ਮੀਟਿੰਗ ਵਿਚ ਬੀਬੀਐਮਬੀ ਵਿੱਚ ਪੰਜਾਬ ਦੇ ਹੱਕਾਂ ਦੇ ਘਾਣ, ਦਰਿਆਈ ਪਾਣੀਆਂ ਦੀ ਲੁੱਟ ਅਤੇ 23 ਫ਼ਸਲਾਂ ਤੇ ਐੱਮਐੱਸਪੀ ਲਾਗੂ ਨਾ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਗਈ। ਪਾਰਟੀ ਨੇ ਜਗਤਾਰ ਸਿੰਘ ਹਵਾਰਾ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਵੀ ਕੀਤੀ। ਇਸ ਮੌਕੇ ਬੀਬੀ ਸੁਖਜੀਤ ਕੌਰ ਫਗਵਾੜਾ ਅਤੇ ਸਤਨਾਮ ਸਿੰਘ ਸੰਗਰੂਰ ਨੂੰ ਪੀਏਸੀ ਮੈਂਬਰ ਨਿਯੁਕਤ ਕੀਤਾ ਗਿਆ। ਮੀਟਿੰਗ ਵਿਚ ਇਮਾਨ ਸਿੰਘ ਮਾਨ, ਪ੍ਰੋਫੈਸਰ ਮਹਿੰਦਰਪਾਲ ਸਿੰਘ, ਹਰਜਿੰਦਰ ਸਿੰਘ ਜੱਖੂ, ਕੁਲਦੀਪ ਸਿੰਘ ਭਾਗੋਵਾਲ, ਗੁਰਜੰਟ ਸਿੰਘ ਕੱਟੂ ਅਤੇ ਹੋਰ ਪ੍ਰਮੁੱਖ ਆਗੂ ਮੌਜੂਦ ਸਨ।