ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਰੈਲੀ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਰੈਲੀ
Publish Date: Wed, 21 Oct 2026 06:10 PM (IST)
Updated Date: Wed, 21 Oct 2026 06:12 PM (IST)
ਫ਼ੋਟੋ ਫ਼ਾਈਲ : 17 ਫਤਹਿਗੜ੍ਹ ਸਾਹਿਬ ਵਿਖੇ ਆਪਣੀਆਂ ਮੰਗਾਂ ਦੇ ਹੱਕ ’ਚ ਜ਼ਿਲ੍ਹਾ ਕੰਪਲੈਕਸ ਅੱਗੇ ਧਰਨਾ ਦਿੰਦੇ ਹੋਏ ਮੁਲਾਜ਼ਮ ਤੇ ਪੈਨਸ਼ਨਰਜ਼ ਆਗੂ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ ਅਤੇ ਅਧਿਆਪਕਾਂ ਨੇ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਕੰਪਲੈਕਸ ਅੱਗੇ ਵਿਸ਼ਾਲ ਧਰਨਾ ਦਿੱਤਾ। ਬੁਲਾਰਿਆਂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਲਾਰੇ ਲਾ ਕੇ ਸਮਾਂ ਲੰਘਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਕ ਲਾਗੂ ਹੋਵੇ, ਪੈਂਡਿੰਗ ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਏਸੀਪੀ ਸਕੀਮ ਅਤੇ ਪੇਂਡੂ ਭੱਤੇ ਸਮੇਤ 37 ਭੱਤੇ ਬਹਾਲ ਹੋਣ, ਕੰਪਿਊਟਰ ਤੇ ਐਨਐਸਕਿਊਐਫ ਅਧਿਆਪਕਾਂ ਸਮੇਤ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਟੈਟ ਦੀ ਸ਼ਰਤ ਰੱਦ ਕੀਤੀ ਜਾਵੇ। ਰੈਲੀ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਕੰਪਲੈਕਸ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਚਾਹਲ, ਵਿਕਰਮਦੇਵ ਸਿੰਘ, ਹਰਜੀਤ ਸਿੰਘ ਤਰਖਾਣ ਮਾਜਰਾ, ਹਰਚੰਦ ਸਿੰਘ ਪੰਜੋਲੀ, ਪ੍ਰੀਤਮ ਸਿੰਘ ਨਾਗਰਾ, ਜਸਵਿੰਦਰ ਸਿੰਘ ਆਹਲੂਵਾਲੀਆ, ਬਲਜੀਤ ਸਿੰਘ ਸਲਾਣਾ, ਬਹਾਦਰ ਸਿੰਘ ਬੁੱਗਾ, ਬਲਵਿੰਦਰ ਸਿੰਘ ਸੋਹੀ, ਧਰਮਪਾਲ ਆਜ਼ਾਦ, ਭੁਪਿੰਦਰ ਸਿੰਘ, ਤਰਸੇਮ ਸਿੰਘ ਬਧੋਛੀ, ਗੁਰਚਰਨ ਸਿੰਘ, ਦਿਲਬਾਗ ਸਿੰਘ ਸਰਹਿੰਦ, ਓਮ ਪ੍ਰਕਾਸ਼ ਬੱਸੀ ਪਠਾਣਾਂ, ਰਾਜੇਸ਼ ਕੁਮਾਰ ਅਤੇ ਗੁਰਮੀਤ ਕੌਰ ਸਮੇਤ ਵੱਡੀ ਗਿਣਤੀ ’ਚ ਆਗੂ ਤੇ ਵਰਕਰ ਸ਼ਾਮਲ ਸਨ।