- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਵਿਰੁੱਧ 17 ਜੁਲਾਈ ਨੂੰ ਚੰਡੀਗੜ੍ਹ ’ਚ ਮਹਾਂ ਰੈਲੀ ਕਰਨ ਦੀ ਚੇਤਾਵਨੀ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਇਕ ਚੇਤਾਵਨੀ ਪੱਤਰ ਲਿਖ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਕਥਿਤ ਬੇਰੁਖ਼ੀ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਅਤੇ ਅਰਧ-ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ 17 ਜੁਲਾਈ ਨੂੰ ਦਾਣਾ ਮੰਡੀ, ਸੈਕਟਰ 39 ਚੰਡੀਗੜ੍ਹ ਵਿਖੇ ਹਜ਼ਾਰਾਂ ਦੀ ਗਿਣਤੀ ’ਚ ਇਕੱਠੇ ਹੋ ਕੇ ਵਿਸ਼ਾਲ ਮਹਾਂ ਰੈਲੀ ਕੀਤੀ ਜਾਵੇਗੀ ਅਤੇ ਇਸ ਉਪਰੰਤ ਰੋਸ ਮਾਰਚ ਕੱਢਿਆ ਜਾਵੇਗਾ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਕੋਆਰਡੀਨੇਟਰ ਸਤੀਸ਼ ਰਾਣਾ ਦੇ ਦਸਤਖ਼ਤਾਂ ਨਾਲ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਸੂਬੇ ਦੇ ਲਗਭਗ 7 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਸਰਕਾਰ ਦੇ ਸਾਹਮਣੇ ਰੱਖੀਆਂ ਜਾ ਰਹੀਆਂ ਹਨ, ਪਰ ਸਰਕਾਰ ਵੱਲੋਂ ਇਨ੍ਹਾਂ ਦੀ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੰਤਰੀਆਂ ਦੀਆਂ ਸਬ-ਕਮੇਟੀਆਂ ਵੱਲੋਂ ਕੀਤੇ ਗਏ ਵਾਅਦੇ ਵੀ ਪੂਰੇ ਨਹੀਂ ਕੀਤੇ ਗਏ, ਸਗੋਂ ਮੁਲਾਜ਼ਮਾਂ ਵੱਲੋਂ ਲੰਮੇ ਸੰਘਰਸ਼ਾਂ ਸਦਕਾ ਹਾਸਲ ਕੀਤੀਆਂ ਸੇਵਾ ਸ਼ਰਤਾਂ ਅਤੇ ਸਹੂਲਤਾਂ ਨੂੰ ਵੀ ਖ਼ਤਮ ਕੀਤਾ ਜਾ ਰਿਹਾ ਹੈ। ਆਗੂਆਂ ਨੇ ਸਾਫ਼ ਸ਼ਬਦਾਂ ’ਚ ਕਿਹਾ ਕਿ ਜੇਕਰ 17 ਜੁਲਾਈ ਦੀ ਮਹਾਂ ਰੈਲੀ ਤੋਂ ਬਾਅਦ ਵੀ ਸਰਕਾਰ ਨੇ ਦੋ-ਧਿਰਾਂ ਦੀ ਗੱਲਬਾਤ ਰਾਹੀਂ ਪੈਂਡਿੰਗ ਮੰਗ ਪੱਤਰ ਦਾ ਨਿਪਟਾਰਾ ਨਾ ਕੀਤਾ, ਤਾਂ ਪੰਜਾਬ ਭਰ ’ਚ ਆਮ ਹੜਤਾਲ ਕਰਕੇ ਹਰ ਤਰ੍ਹਾਂ ਦੇ ਸਰਕਾਰੀ ਅਤੇ ਅਰਧ-ਸਰਕਾਰੀ ਕੰਮ-ਕਾਰ ਮੁਕੰਮਲ ਤੌਰ ’ਤੇ ਠੱਪ ਕਰ ਦਿੱਤੇ ਜਾਣਗੇ।