- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀਆਂ 400 ਮੰਡੀਆਂ ’ਚ ਝੋਨੇ ਦੀ ਖਰੀਦ ਬੰਦ ਕਰਨਾ ਕਿਸਾਨਾਂ ਨਾਲ ਬੇਇਨਸਾਫ਼ੀ : ਭੱਲਮਾਜਰਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਆਗੂ ਹਰਨੇਕ ਸਿੰਘ ਭੱਲਮਾਜਰਾ ਨੇ ਪੰਜਾਬ ਦੀਆਂ 400 ਮੰਡੀਆਂ ’ਚ ਝੋਨੇ ਦੀ ਖਰੀਦ ਬੰਦ ਕੀਤੇ ਜਾਣ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਝੋਨਾ ਅਜੇ ਵੀ ਖੇਤਾਂ ’ਚ ਖੜ੍ਹਾ ਹੈ ਅਤੇ ਵੱਡੀ ਮਾਤਰਾ ’ਚ ਮੰਡੀਆਂ ’ਚ ਪਿਆ ਹੋਇਆ ਹੈ, ਪਰ ਖਰੀਦ ਬੰਦ ਹੋਣ ਕਾਰਨ ਕਿਸਾਨ ਆਪਣੀ ਫ਼ਸਲ ਵੇਚਣ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕੁਦਰਤੀ ਆਫ਼ਤਾਂ, ਮੌਸਮ ਦੀ ਮਾਰ ਅਤੇ ਖੇਤੀ ਲਾਗਤਾਂ ਦੇ ਵਧਦੇ ਬੋਝ ਨਾਲ ਜੂਝ ਰਹੇ ਹਨ। ਅਜਿਹੇ ਸਮੇਂ ਝੋਨੇ ਦੀ ਖਰੀਦ ਬੰਦ ਕਰਨਾ ਕਿਸਾਨਾਂ ਦੀਆਂ ਮੁਸ਼ਕਲਾਂ ’ਚ ਹੋਰ ਵਾਧਾ ਕਰ ਰਿਹਾ ਹੈ ਅਤੇ ਕਿਸਾਨ ਆਪਣੀ ਫ਼ਸਲ ਦੀ ਵਿਕਰੀ ਲਈ ਮੰਡੀਆਂ ’ਚ ਰੁਲਣ ਲਈ ਮਜਬੂਰ ਹਨ। ਹਰਨੇਕ ਸਿੰਘ ਭੱਲਮਾਜਰਾ ਨੇ ਪੰਜਾਬ ਸਰਕਾਰ ਅਤੇ ਸਬੰਧਤ ਖਰੀਦ ਏਜੰਸੀਆਂ ਤੋਂ ਮੰਗ ਕੀਤੀ ਕਿ ਸੂਬੇ ਦੀਆਂ ਸਾਰੀਆਂ 400 ਮੰਡੀਆਂ ’ਚ ਝੋਨੇ ਦੀ ਖਰੀਦ ਤੁਰੰਤ ਮੁੜ ਸ਼ੁਰੂ ਕੀਤੀ ਜਾਵੇ ਅਤੇ ਖੇਤਾਂ ’ਚ ਖੜ੍ਹੀ ਤੇ ਮੰਡੀਆਂ ’ਚ ਪਈ ਕਿਸਾਨਾਂ ਦੀ ਸਮੁੱਚੀ ਫ਼ਸਲ ਦੀ ਬਿਨਾਂ ਕਿਸੇ ਦੇਰੀ ਦੇ ਖਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਕਿਸਾਨਾਂ ਨੂੰ ਆਪਣੀ ਹੀ ਫ਼ਸਲ ਵੇਚਣ ਲਈ ਖੱਜਲ-ਖੁਆਰ ਨਹੀਂ ਹੋਣਾ ਚਾਹੀਦਾ।