ਹਰ ਫ਼ਰੰਟ ’ਤੇ ਫ਼ੇਲ੍ਹ ਹੋਈ ਸਰਕਾਰ : ਨਾਗਰਾ
ਹਰ ਫ਼ਰੰਟ ’ਤੇ ਫ਼ੇਲ੍ਹ ਹੋਈ ਸਰਕਾਰ ਹੁਣ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ: ਨਾਗਰਾ
Publish Date: Fri, 03 Apr 2026 05:25 PM (IST)
Updated Date: Fri, 03 Apr 2026 05:28 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ ਹਰ ਮੋਰਚੇ ’ਤੇ ਫ਼ੇਲ੍ਹ ਹੋਣ ਤੋਂ ਬਾਅਦ ਹੁਣ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕੇਂਦਰ ਸਰਕਾਰ ਨੇ ਪਹਿਲਾਂ ਕਿਸਾਨਾਂ ਦੇ ਹੱਕਾਂ ’ਤੇ ਨਜ਼ਰ ਰੱਖੀ ਸੀ, ਹੁਣ ਉਸੇ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਵੱਲ ਤੱਕ ਰਹੀ ਹੈ। ਪਿੰਡ ਹਰਬੰਪੁਰਾ ਵਿਖੇ ਨਹਿਰ ਦੇ ਨਾਲ ਲੱਗਦੀਆਂ ਕਿਸਾਨਾਂ ਦੀਆਂ ਜ਼ਮੀਨਾਂ ਵਿਚ ਬੁਰਜੀਆਂ ਲਗਾਉਣ ਆਏ ਨਹਿਰੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਦੌਰਾਨ ਨਾਗਰਾ ਨੇ ਕਿਹਾ ਕਿ ਭਾਰਤ-ਪਾਕਿਸਤਾਨ ਵੰਡ ਤੋਂ ਬਾਅਦ ਬਹੁਤ ਸਾਰੇ ਕਿਸਾਨ ਆਪਣੀਆਂ ਜੱਦੀ ਜਾਇਦਾਦਾਂ ਛੱਡ ਕੇ ਇੱਥੇ ਆ ਬਸੇ ਸਨ ਅਤੇ ਸਰਕਾਰਾਂ ਵੱਲੋਂ ਸਮੇਂ-ਸਮੇਂ ’ਤੇ ਉਨ੍ਹਾਂ ਨੂੰ ਇਹ ਜ਼ਮੀਨਾਂ ਵਰਤਣ ਲਈ ਦਿੱਤੀਆਂ ਜਾਂਦੀਆਂ ਰਹੀਆਂ। ਉਨ੍ਹਾਂ ਕਿਹਾ ਕਿ ਜਦੋਂ ਸਰਹਿੰਦ-ਭਾਖੜਾ ਨਹਿਰ ਦਾ ਨਿਰਮਾਣ ਹੋਇਆ ਸੀ ਤਾਂ ਸੰਬੰਧਿਤ ਵਿਭਾਗ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ’ਚੋਂ ਮਿੱਟੀ ਲੈ ਕੇ ਨਹਿਰ ਦੇ ਨੇੜੇ ਖੱਡਿਆਂ ਨੂੰ ਭਰਿਆ ਗਿਆ ਸੀ, ਜਿਸ ਦੇ ਬਦਲੇ ਇਹ ਜ਼ਮੀਨ ਕਿਸਾਨਾਂ ਨੂੰ ਖੇਤੀ ਲਈ ਦਿੱਤੀ ਗਈ ਸੀ। ਪਰ ਹੁਣ ਲਗਭਗ 70-75 ਸਾਲ ਬਾਅਦ ਸਰਕਾਰ ਵੱਲੋਂ ਇਹ ਜ਼ਮੀਨ ਖ਼ਾਲੀ ਕਰਨ ਦੇ ਹੁਕਮ ਜਾਰੀ ਕਰਨਾ ਨਾ ਸਿਰਫ਼ ਅਨਿਆਇਕ ਹੈ ਸਗੋਂ ਬਿਲਕੁਲ ਅਸਵੀਕਾਰਯੋਗ ਵੀ ਹੈ। ਨਾਗਰਾ ਨੇ ਕਿਹਾ ਕਿ ਪਿੰਡ ਦੇ ਦਰਜਨਾਂ ਛੋਟੇ ਕਿਸਾਨ ਇਸ ਜ਼ਮੀਨ ’ਤੇ ਖੇਤੀ ਕਰਕੇ ਆਪਣਾ ਗੁਜ਼ਾਰਾ ਕਰ ਰਹੇ ਹਨ। ਕਿਸੇ ਕੋਲ ਇਕ ਕਿੱਲਾ ਅਤੇ ਕਿਸੇ ਕੋਲ ਅੱਧਾ ਕਿੱਲਾ ਜ਼ਮੀਨ ਹੀ ਹੈ, ਪਰ ਇਹੀ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਦਾ ਇਕੱਲਾ ਸਹਾਰਾ ਹੈ। ਅਜਿਹੇ ਵਿਚ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਛੋਟੇ ਕਿਸਾਨਾਂ ਦੀ ਪੀੜਾ ਨੂੰ ਸਮਝੇ ਅਤੇ ਉਨ੍ਹਾਂ ਦੀ ਜ਼ਮੀਨ ਛੀਣਣ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਚੁੱਪੀ ’ਤੇ ਵੀ ਸਵਾਲ ਖੜੇ ਕੀਤੇ ਅਤੇ ਕਿਹਾ ਕਿ ਇੰਨਾ ਕੁੱਝ ਹੋਣ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ, ਜਿਸ ਨਾਲ ਲੱਗਦਾ ਹੈ ਕਿ ਚੁਣੇ ਹੋਏ ਨੁਮਾਇੰਦੇ ਹੁਣ ਆਮ ਲੋਕਾਂ ਦੇ ਮਸਲਿਆਂ ਤੋਂ ਦੂਰ ਹੋ ਗਏ ਹਨ। ਅੰਤ ਵਿਚ ਨਾਗਰਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਲੋਕਾਂ ਦੀ ਤਾਕਤ ਨੂੰ ਕਦੇ ਵੀ ਹਲਕਾ ਨਾ ਸਮਝਿਆ ਜਾਵੇ। ਜਿਹੜੇ ਲੋਕ ਨੇਤਾਵਾਂ ਨੂੰ ਉੱਚਾਈਆਂ ’ਤੇ ਲੈ ਜਾਂਦੇ ਹਨ, ਉਨ੍ਹਾਂ ਕੋਲ ਉਨ੍ਹਾਂ ਨੂੰ ਵਾਪਸ ਜ਼ਮੀਨ ’ਤੇ ਲਿਆਉਣ ਦੀ ਤਾਕਤ ਵੀ ਹੁੰਦੀ ਹੈ। ਨਾਗਰਾ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਬਲਾਕ ਸੰਮਤੀ ਮੈਂਬਰ ਵਰਿੰਦਰ ਸਿੰਘ ਭਮਾਰਸੀ, ਬਿਕਰਮਜੀਤ ਸਿੰਘ ਚੀਮਾ, ਸਤਨਾਮ ਸਿੰਘ ਚੀਮਾ, ਸੁਖਚੈਨ ਸਿੰਘ ਚੀਮਾ, ਕਸ਼ਮੀਰ ਸਿੰਘ, ਕੁਲਵੰਤ ਸਿੰਘ, ਬਲਵੀਰ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਬਾਜਵਾ, ਹਰਦੀਪ ਸਿੰਘ ਚੀਮਾ, ਬਲਵਿੰਦਰ ਸਿੰਘ, ਅਮਰੀਕ ਸਿੰਘ, ਸਤਨਾਮ ਸਿੰਘ ਚੀਮਾ, ਅਜੀਤ ਸਿੰਘ ਕਾਹਲੋ, ਨਵਜੋਤ ਸਿੰਘ, ਸਤਵੀਰ ਸਿੰਘ ਚੀਮਾ, ਜੋਗਿੰਦਰ ਸਿੰਘ, ਜਗਮੀਤ ਸਿੰਘ ਜਸਪਾਲ ਸਿੰਘ, ਗੁਰਮੇਲ ਸਿੰਘ, ਨਰਿੰਦਰ ਸਿੰਘ, ਬਲਦੇਵ ਸਿੰਘ, ਗੁਰਨਾਮ ਸਿੰਘ, ਗੁਰਦੀਪ ਸਿੰਘ, ਜੀਤ ਸਿੰਘ, ਪ੍ਰਭਦੀਪ ਸਿੰਘ ਚੀਮਾ ਆਦਿ ਮੌਜੂਦ ਸਨ।