- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਸਮੁੱਚੀ ਦੁਨੀਆ ਲਈ ਪ੍ਰੇਰਨਾ ਸਰੋਤ : ਰਾਜਪਾਲ ਕਟਾਰੀਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਸਿਰਫ਼ ਪੰਜਾਬ ਲਈ ਹੀ ਨਹੀਂ, ਸਗੋਂ ਸਮੁੱਚੀ ਦੁਨੀਆ ਲਈ ਪ੍ਰੇਰਨਾ ਦਾ ਸਰੋਤ ਹੈ। ਇਸ ਧਰਤੀ ਨਾਲ ਜੁੜਿਆ ਇਤਿਹਾਸ ਅਤੇ ਇੱਥੋਂ ਮਿਲਣ ਵਾਲੀ ਅਧਿਆਤਮਿਕ ਪ੍ਰੇਰਨਾ ਬੱਚਿਆਂ ਤੇ ਨੌਜਵਾਨਾਂ ’ਚ ਅਜਿਹਾ ਹੌਸਲਾ, ਦ੍ਰਿੜ੍ਹਤਾ ਅਤੇ ਕੁਰਬਾਨੀ ਦਾ ਜਜ਼ਬਾ ਪੈਦਾ ਕਰਦੀ ਹੈ, ਜੋ ਪੂਰੇ ਸਮਾਜ ਦਾ ਮਾਰਗਦਰਸ਼ਨ ਕਰਦਾ ਹੈ। ਇਹ ਵਿਚਾਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਾਤਾ ਚਕਰੇਸ਼ਵਰੀ ਦੇਵੀ ਮੰਦਿਰ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਪ੍ਰਗਟ ਕੀਤੇ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਤਹਿਗੜ੍ਹ ਸਾਹਿਬ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਉਹ ਪਵਿੱਤਰ ਅਸਥਾਨ ਹੈ, ਜਿੱਥੇ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੇ ਲਾਸਾਨੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਹੌਸਲੇ ਦੀ ਮਿਸਾਲ ਦੁਨੀਆ ਦੇ ਇਤਿਹਾਸ ’ਚ ਹੋਰ ਕਿਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰ ਕੇ ਉਨ੍ਹਾਂ ਨੂੰ ਲੋਕ ਸੇਵਾ ਦੇ ਕੰਮਾਂ ਲਈ ਹਮੇਸ਼ਾ ਨਵੀਂ ਹਿੰਮਤ, ਹੌਸਲਾ ਅਤੇ ਊਰਜਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਉਹ ਜਨਤਾ ਦੇ ਸੇਵਕ ਵਜੋਂ ਲੋਕਾਂ ਦੀ ਭਲਾਈ ਦੇ ਕਾਰਜ ਪੂਰੀ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਕਰਦੇ ਰਹਿਣ ਲਈ ਇੱਥੇ ਆਸ਼ੀਰਵਾਦ ਲੈਣ ਪਹੁੰਚੇ ਹਨ। ਇਸ ਮੌਕੇ ਪ੍ਰਧਾਨ ਸੁਨੀਲ ਕੁਮਾਰ ਜੈਨ ਸਮੇਤ ਹੋਰ ਪ੍ਰਬੰਧਕ, ਸ਼ਰਧਾਲੂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਹਾਜ਼ਰ ਸਨ।