ਫਤਿਹਗੜ੍ਹ ਸਾਹਿਬ : ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ, ਸਿਵਲ ਸਰਜਨ ਨੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ
ਸਿਵਲ ਸਿਵਲ ਸਰਜਨ ਨੇ ਕਿਹਾ ਕਿ ਨਵ ਜਨਮੇ ਬੱਚੇ ,ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ਤੇ ਬਿਮਾਰ ਲੋਕਾਂ ,ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜਾਂ ਆਦਿ ਨੂੰ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ।
Publish Date: Sun, 19 Apr 2026 03:52 PM (IST)
Updated Date: Sun, 19 Apr 2026 03:58 PM (IST)
ਫਤਿਹਗੜ੍ਹ ਸਾਹਿਬ :- 19 ਅਪ੍ਰੈਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਅਰਵਿੰਦ ਪਾਲ ਸਿੰਘ ਨੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਐਡਵਾਇਜਰੀ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਘਾਤਕ ਹੋ ਸਕਦੀ ਹੈ ਪਰ ਕੁਝ ਸਾਵਧਾਨੀਆਂ ਵਰਤ ਕੇ ਗਰਮੀ ਅਤੇ ਇਸ ਤੋਂ ਹੋਣ ਵਾਲੇ ਉਲਟ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸੰਬਧਿਤ ਮੁਸ਼ਕਲਾਂ ਪੈਦਾ ਹੋਣ ਦਾ ਕਾਰਨ ਬਣਦਾ ਹੈ। ਸਿਵਲ ਸਿਵਲ ਸਰਜਨ ਨੇ ਕਿਹਾ ਕਿ ਨਵ ਜਨਮੇ ਬੱਚੇ ,ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ਤੇ ਬਿਮਾਰ ਲੋਕਾਂ ,ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜਾਂ ਆਦਿ ਨੂੰ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 03 ਵਜੇ ਤੱਕ ਕੜਕਦੀ ਧੁੱਪ ਵਿੱਚ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ, ਹਰ ਅੱਧੇ ਘੰਟੇ ਬਾਅਦ ਭਾਵੇਂ ਪਿਆਸ ਨਾ ਵੀ ਲੱਗੀ ਹੋਵੇ ਤਾਂ ਵੀ ਪਾਣੀ ਪੀਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਹਰ ਧੁੱਪ ਵਿੱਚ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਬਚਾਉਣ ਲਈ ਛਤਰੀ, ਟੋਪੀ, ਤੋਲੀਏ ,ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ, ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਤੌਲੀਆ ਜਾਂ ਕੱਪੜਾ ਜਰੂਰ ਰੱਖਣ ,ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈਕੇ ਜਾਓ।
ਉਨ੍ਹਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਸਾਨੂੰ ਓਆਰਐਸ , ਨਿੰਬੂ-ਪਾਣੀ ,ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਆਪਣੀ ਚਮੜੀ ਦੀ ਰੱਖਿਆ ਲਈ ਸੰਸਕ੍ਰੀਨ ਕਰੀਮ ਅਤੇ ਅੱਖਾਂ ਦੀ ਸੁਰੱਖਿਆ ਲਈ ਕਾਲੇ ਚਸਮੇ ਪਹਿਨੋ ,ਥੋੜਾ ਖਾਣਾ ਖਾਓ ਅਤੇ ਜਿਆਦਾ ਵਾਰ ਖਾਓ, ਠੰਡੇ ਪਾਣੀ ਵਿੱਚ ਅਕਸਰ ਨਹਾਉ ,ਸੂਤੀ ਕੱਪੜੇ ਤੋਂ ਬਣੇ ਹਲਕੇ ਰੰਗ ਦੇ ਮਾਸਕ ਪਹਿਨੋ, ਜੇ ਕਸਰਤ ਕਰਦੇ ਹੋ ਤਾਂ ਹੌਲੀ ਹੌਲੀ ਸ਼ੁਰੂ ਕਰੋ ਅਤੇ ਹੌਲੀ ਹੌਲੀ ਵਧਾਓ ਤਾਂ ਕਿ ਸਰੀਰ ਦੇ ਤਾਪਮਾਨ ਦੇ ਅਨੁਕੂਲ ਹੋਵੇ । ਆਪਣੇ ਘਰ ਨੂੰ ਹਵਾਦਾਰ ਅਤੇ ਠੰਡਾ ਰੱਖੋ ,ਹੇਠਲੀ ਮੰਜ਼ਿਲ ਤੇ ਰਹਿਣ ਦੀ ਕੋਸ਼ਿਸ਼ ਕਰੋ।
ਗਰਮੀ ਦੇ ਸ਼ਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜੇ ਤੇ ਖਿੜਕੀਆਂ ਖੁੱਲੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਓ, ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ। ਉਹਨਾਂ ਕਿਹਾ ਕਿ ਅਸਥਿਰਤਾ ਦੇ ਨਾਲ ਬਦਲਿਆ ਮਾਨਸਿਕ ਸੰਤੁਲਨ, ਗੱਲ ਸਮਝਣ ਵਿੱਚ ਮੁਸ਼ਕਿਲ,ਝਿੜਚਿੜਾਪਣ, ਅਟੈਕਸੀਆ, ਜੁਬਾਨ ਦਾ ਲੜਖੜਾਉਣਾ, ਤੋਰ ਦਾ ਲੜਖੜਾਉਣਾ, ਦੌਰਾ ਪੈਣਾ, ਚਮੜੀ ਦਾ ਗਰਮ ਲਾਲ ਅਤੇ ਖੁਸਕ ਹੋਣਾ, ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਹੋ ਜਾਣ, ਬਹੁਤ ਤੇਜ਼ ਸਿਰ ਦਰਦ ,ਚੱਕਰ ,ਬੇਹੋਸ਼ੀ ਅਤੇ ਮਾਸਪੇਸ਼ੀਆਂ ਦੀ ਕਮਜ਼ੋਰੀ , ਕੜਵਲ ਪੈਣੇ ਉਲਟੀਆਂ, ਦਿਲ ਦੀ ਧੜਕਣ ਤੇਜ਼ ਹੋਣਾ ਆਦਿ ਲੱਛਣ ਦਿਖਾਈ ਦੇਣ ਤਾਂ ਵਿਅਕਤੀ ਨੂੰ ਛਾਵੇਂ ਲਿਟਾ ਦਿੱਤਾ ਜਾਵੇ, ਉਸ ਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ, ਪੀਣ ਲਈ ਤਰਲ ਪਦਾਰਥ ਦਿੱਤਾ ਜਾਵੇ ਅਤੇ ਸਰੀਰ ਤੇ ਠੰਡੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ ਤੇ ਤੁਰੰਤ ਡਾਕਟਰ ਦੀ ਸਲਾਹ ਲਈ ਜਾਵੇ। ਉਹਨਾਂ ਦੱਸਿਆ ਕਿ ਜਰੂਰਤ ਪੈਣ ਤੇ ਮੁਫਤ ਐਂਬੂਲੈਂਸ ਸੇਵਾ ਲਈ ਮੁਫਤ ਟੋਲ ਫਰੀ ਨੰਬਰ 108 ਤੇ ਫੋਨ ਕੀਤਾ ਜਾਵੇ ਅਤੇ ਸਿਹਤ ਸਬੰਧੀ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 104 ਤੇ ਫੋਨ ਕੀਤਾ ਜਾ ਸਕਦਾ ਹੈ।