- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਕਬਰਸਤਾਨਾਂ ਦੀਆਂ ਥਾਵਾਂ ’ਤੇ ਜਿੱਥੇ ਕੋਈ ਨਾਜ਼ਾਇਜ ਕਬਜ਼ਾ ਹੋਇਆ ਹੋਵੇ ਤਾਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ ਆਦਿ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਦੇਹ ਨੂੰ ਦਫ਼ਨਾਉਣ ਵੇਲੇ ਕੋਈ ਮੁਸ਼ਕਿਲ ਨਾ ਹੋਵੇ।

ਪੰਜਾਬੀ ਜਾਗਰਣ ਬਿੳੂਰੋ, ਫ਼ਤਹਿਗੜ੍ਹ ਸਾਹਿਬ : ਸਥਾਨਕ ਬਚਤ ਭਵਨ ਵਿਖੇ ਚੇਅਰਮੈਨ, ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਜਤਿੰਦਰ ਮਸੀਹ ਗੌਰਵ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਸਬੰਧ ਵਿੱਚ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਈਸਾਈ, ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਮ੍ਰਿਤਕ ਸਰੀਰ ਨੂੰ ਦਫਨਾਉਣ ਲਈ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ।
ਉਨ੍ਹਾਂ ਕਿਹਾ ਕਿ ਕਬਰਸਤਾਨਾਂ ਦੀਆਂ ਥਾਵਾਂ ’ਤੇ ਜਿੱਥੇ ਕੋਈ ਨਾਜ਼ਾਇਜ ਕਬਜ਼ਾ ਹੋਇਆ ਹੋਵੇ ਤਾਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ ਆਦਿ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਦੇਹ ਨੂੰ ਦਫ਼ਨਾਉਣ ਵੇਲੇ ਕੋਈ ਮੁਸ਼ਕਿਲ ਨਾ ਹੋਵੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿੱਥੇ ਕਬਰਸਤਾਨ ਦੀ ਥਾਂ ਨਹੀ ਹੈ ਉਥੇ ਥਾਂ ਦਾ ਪ੍ਰਬੰਧ ਕਰਨ ਲਈ ਪਹਿਲਕਦਮੀ ਨਾਲ ਕੰਮ ਕੀਤਾ ਜਾਵੇ।
ਉਨ੍ਹਾਂ ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰਾਂ ਅਤੇ ਜ਼ਿਲ੍ਹਾ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਘੱਟ ਗਿਣਤੀ ਵਰਗ ਦੇ ਲੋਕਾਂ ਦੇ ਸਾਂਝੇ ਪ੍ਰੋਗਰਾਮਾਂ ਵਾਸਤੇ ਕਮਿਊਨਟੀ ਸੈਂਟਰ ਅਤੇ ਧਰਮਸ਼ਾਲਾ ਲਈ ਜਗ੍ਹਾ ਅਲਾਟ ਕਰਨ ਲਈ ਵੀ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕ ਆਪੋ ਆਪਣੇ ਧਰਮ ਦਾ ਪ੍ਰਚਾਰ ਕਰ ਸਕਦੇ ਹੈ ਘੱਟ ਗਿਣਤੀ ਕਮਿਸ਼ਨ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ ਕਿ ਕੋਈ ਧਰਮ ਦੇ ਨਾਮ ਤੇ ਆਪਸੀ ਭਾਈਚਾਰੇ ਨੂੰ ਭੰਗ ਕਰੇ।
ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਜੇ ਕੋਈ ਵੀ ਸ਼ਰਾਰਤੀ ਅਨਸਰ ਧਰਮ ਦੇ ਨਾਂ ’ਤੇ ਘੱਟ ਗਿਣਤੀ ਭਾਈਚਾਰੇ ਨੂੰ ਤੰਗ ਪਰੇਸ਼ਾਨ ਕਰਦਾ ਹੈ ਤਾਂ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਨੇ ਚੇਅਰਮੈਨ ਨੂੰ ਵਿਸ਼ਵਾਸ ਦੁਆਇਆ ਕਿ ਜੋ ਵੀ ਮਸਲੇ ਇਸ ਮੀਟਿੰਗ ਵਿੱਚ ਵਿਚਾਰੇ ਗਏ ਹਨ, ਉਹਨਾ ਦਾ ਹੱਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲਦ ਕੀਤਾ ਜਾਵੇਗਾ ਅਤੇ ਘੱਟ ਗਿਣਤੀ ਦੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਭਵਿੱਖ ਵਿੱਚ ਕੋਈ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਮੀਟਿੰਗ ਤੋਂ ਪਹਿਲਾਂ ਚੇਅਰਮੈਨ ਚੇਅਰਮੈਨ, ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਜਤਿੰਦਰ ਮਸੀਹ ਗੌਰਵ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।
ਇਸ ਮੌਕੇ ਐੱਸਪੀ ਹਰਵੰਤ ਕੌਰ, ਐੱਸਡੀਐੱਮ ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐੱਸਡੀਐੱਮ ਬੱਸੀ ਪਠਾਣਾਂ ਦੀਪਜੋਤ ਕੌਰ, ਐੱਸਡੀਐੱਮ ਅਮਲੋਹ ਹਰਵੀਰ ਕੌਰ, ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਮੁਕਲ ਬਾਵਾ, ਸਮੂਹ ਕਾਰਜ ਸਾਧਕ ਅਫਸਰ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦੇ ਵੀ ਮੌਜੂਦ ਸਨ।