- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬ੍ਰਾਹਮਣ ਮਾਜਰਾ ਰੇਲਵੇ ਫਾਟਕ ਨੇੜੇ ਸਥਿਤ ਨਾਥ ਮੈਡੀਕਲ ਹਾਲ ਦੇ ਮਾਲਕ 'ਤੇ ਤਿੰਨ ਨਕਾਬਪੋਸ਼ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨਕਦੀ ਅਤੇ ਪਰਸ ਲੁੱਟਣ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ।

ਸਟਾਫ਼ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਰਹਿੰਦ ਫਤਹਿਗੜ੍ਹ ਸਾਹਿਬ ਦੇ ਹਮਾਯੂਪੁਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪਿਛਲੇ ਇੱਕ-ਦੋ ਦਿਨਾਂ ਦੌਰਾਨ ਵਾਪਰੀਆਂ ਵੱਖ-ਵੱਖ ਘਟਨਾਵਾਂ ਨੇ ਇਲਾਕੇ ਦੇ ਲੋਕਾਂ ਅਤੇ ਦੁਕਾਨਦਾਰਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਖ਼ਾਸ ਕਰਕੇ ਰਾਤ ਸਮੇਂ ਦੁਕਾਨਾਂ ਬੰਦ ਕਰਨ ਵਾਲੇ ਕਾਰੋਬਾਰੀਆਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਇਸੇ ਦੌਰਾਨ ਬ੍ਰਾਹਮਣ ਮਾਜਰਾ ਰੇਲਵੇ ਫਾਟਕ ਨੇੜੇ ਸਥਿਤ ਨਾਥ ਮੈਡੀਕਲ ਹਾਲ ਦੇ ਮਾਲਕ 'ਤੇ ਤਿੰਨ ਨਕਾਬਪੋਸ਼ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨਕਦੀ ਅਤੇ ਪਰਸ ਲੁੱਟਣ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ। ਹਮਲੇ ਵਿੱਚ ਦੁਕਾਨਦਾਰ ਅਸ਼ਵਨੀ ਚੈਟਲੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਪੀੜਤ ਅਸ਼ਵਨੀ ਚੈਟਲੀ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਇਲਾਕੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ।
ਪ੍ਰਾਪਤ ਜਾਣਕਾਰੀ ਅਨੁਸਾਰ ਲੁੱਟ-ਖੋਹ ਦੀ ਪਹਿਲੀ ਘਟਨਾ ਦੁਪਹਿਰ ਕਰੀਬ 12 ਵਜੇ ਇੱਕ ਕਰਿਆਨੇ ਦੀ ਦੁਕਾਨ 'ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਪਿੰਡ ਸਾਧੂਗੜ੍ਹ ਤੋਂ ਹਮਾਯੂਪੁਰ ਵਿਖੇ ਸਮਾਨ ਖਰੀਦਣ ਆਏ ਕਮਲਜੀਤ ਨਾਮਕ ਵਿਅਕਤੀ ਦੀ ਜੇਬ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਨੇ ਪੈਸੇ ਕੱਢ ਲਏ ਅਤੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਪਰ ਦੁਕਾਨ 'ਤੇ ਮੌਜੂਦ ਲੋਕਾਂ ਨੇ ਚੌਕਸੀ ਦਿਖਾਉਂਦਿਆਂ ਉਸ ਨੂੰ ਕਾਬੂ ਕਰ ਲਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਲੋਕਾਂ ਵੱਲੋਂ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਜਾ ਰਹੀ ਹੈ।
ਇਸ ਤੋਂ ਇਲਾਵਾ ਲੁੱਟ-ਖੋਹ ਦੀ ਦੂਜੀ ਅਤੇ ਵਧੇਰੇ ਗੰਭੀਰ ਘਟਨਾ ਬ੍ਰਾਹਮਣ ਮਾਜਰਾ ਰੇਲਵੇ ਫਾਟਕ ਨੇੜੇ ਸਥਿਤ ਨਾਥ ਮੈਡੀਕਲ ਹਾਲ ਵਿਖੇ ਵਾਪਰੀ। ਜਾਣਕਾਰੀ ਅਨੁਸਾਰ ਰਾਤ ਕਰੀਬ 8 ਵਜੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨਕਾਬਪੋਸ਼ ਨੌਜਵਾਨ ਦੁਕਾਨ 'ਤੇ ਪਹੁੰਚੇ। ਤਿੰਨਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ। ਇਨ੍ਹਾਂ ਵਿੱਚੋਂ ਇੱਕ ਨੌਜਵਾਨ ਮੋਟਰਸਾਈਕਲ ਸਟਾਰਟ ਕਰਕੇ ਦੁਕਾਨ ਦੇ ਬਾਹਰ ਖੜ੍ਹਾ ਰਿਹਾ, ਜਦਕਿ ਉਸ ਦੇ ਦੋ ਸਾਥੀ ਤੇਜ਼ਧਾਰ ਹਥਿਆਰਾਂ ਸਮੇਤ ਦੁਕਾਨ ਅੰਦਰ ਦਾਖ਼ਲ ਹੋ ਗਏ।
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਦੁਕਾਨ ਮਾਲਕ ਅਸ਼ਵਨੀ ਚੈਟਲੀ ਨੇ ਦੱਸਿਆ ਕਿ ਉਹ ਰਾਤ ਸਮੇਂ ਆਪਣੀ ਦੁਕਾਨ ਬੰਦ ਕਰਨ ਦੀ ਤਿਆਰੀ ਕਰ ਰਹੇ ਸਨ ਕਿ ਅਚਾਨਕ ਦੋ ਨਕਾਬਪੋਸ਼ ਨੌਜਵਾਨ ਦੁਕਾਨ ਅੰਦਰ ਆ ਗਏ ਅਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਕਾਰਨ ਉਹ ਜ਼ਖ਼ਮੀ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਦੁਕਾਨ ਦੇ ਗੱਲੇ ਵਿੱਚ ਪਈ ਨਕਦੀ ਅਤੇ ਉਨ੍ਹਾਂ ਦਾ ਪਰਸ ਖੋਹ ਕੇ ਆਪਣੇ ਬਾਹਰ ਖੜ੍ਹੇ ਤੀਜੇ ਸਾਥੀ ਸਮੇਤ ਮੋਟਰਸਾਈਕਲ 'ਤੇ ਫਰਾਰ ਹੋ ਗਏ। ਇਸ ਅਚਾਨਕ ਵਾਪਰੀ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਪੀੜਤ ਅਸ਼ਵਨੀ ਚੈਟਲੀ ਨੇ ਇੱਕ ਹੋਰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਾਰਦਾਤ ਤੋਂ ਪਹਿਲਾਂ ਦੁਪਹਿਰ ਸਮੇਂ ਇੱਕ ਸ਼ੱਕੀ ਵਿਅਕਤੀ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ 'ਤੇ ਉਨ੍ਹਾਂ ਦੀ ਦੁਕਾਨ ਦੇ ਆਲੇ-ਦੁਆਲੇ ਘੁੰਮਦਾ ਦੇਖਿਆ ਗਿਆ ਸੀ। ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਵਿਅਕਤੀ ਵਾਰਦਾਤ ਤੋਂ ਪਹਿਲਾਂ ਇਲਾਕੇ ਦੀ ਰੇਕੀ ਕਰਨ ਆਇਆ ਹੋ ਸਕਦਾ ਹੈ। ਹਾਲਾਂਕਿ ਇਸ ਸਬੰਧੀ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।
ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ ਅਤੇ ਅਪਰਾਧਿਕ ਘਟਨਾਵਾਂ ਵਿੱਚ ਵਾਧੇ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਆਪਣੇ ਕਾਰੋਬਾਰਾਂ ਅਤੇ ਰੋਜ਼ਾਨਾ ਦੇ ਕੰਮਕਾਜ ਲਈ ਘਰਾਂ ਤੋਂ ਬਾਹਰ ਨਿਕਲਦੇ ਹਨ, ਪਰ ਜੇਕਰ ਉਨ੍ਹਾਂ ਨੂੰ ਆਪਣੀਆਂ ਦੁਕਾਨਾਂ 'ਤੇ ਵੀ ਸੁਰੱਖਿਆ ਦਾ ਭਰੋਸਾ ਨਾ ਹੋਵੇ ਤਾਂ ਇਹ ਬੇਹੱਦ ਗੰਭੀਰ ਮਾਮਲਾ ਹੈ।
ਨਾਗਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਤੋਂ ਪੂਰੀ ਮੁਸਤੈਦੀ ਨਾਲ ਕੰਮ ਲਿਆ ਜਾਂਦਾ ਸੀ, ਪਰ ਅੱਜ ਹਾਲਾਤ ਇਹ ਬਣ ਗਏ ਹਨ ਕਿ ਦੁਕਾਨਦਾਰਾਂ ਨੂੰ ਆਪਣਾ ਕਾਰੋਬਾਰ ਕਰਨ ਸਮੇਂ ਵੀ ਡਰ ਦੇ ਮਾਹੌਲ ਵਿੱਚ ਰਹਿਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਨੁਮਾਇੰਦੇ ਲੋਕਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਹਿੱਤਾਂ ਵਿੱਚ ਲੱਗੇ ਹੋਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਕਿਸੇ ਵੀ ਸਰਕਾਰ ਦਾ ਮੁੱਢਲਾ ਫਰਜ਼ ਹੁੰਦਾ ਹੈ, ਪਰ ਮੌਜੂਦਾ ਹਾਲਾਤਾਂ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਜੇਕਰ ਉਨ੍ਹਾਂ ਨੂੰ ਹੋਰ ਰੂਪ ਦੇ ਕੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸਾਬਕਾ ਵਿਧਾਇਕ ਨੇ ਇਹ ਵੀ ਕਿਹਾ ਕਿ ਜੇਕਰ ਤਿਉਹਾਰਾਂ ਦਾ ਸੀਜ਼ਨ ਨਾ ਹੁੰਦਾ ਤਾਂ ਉਨ੍ਹਾਂ ਵੱਲੋਂ ਇਨ੍ਹਾਂ ਘਟਨਾਵਾਂ ਦੇ ਵਿਰੋਧ ਵਿੱਚ ਤਿੱਖੇ ਸੰਘਰਸ਼ ਅਤੇ ਪ੍ਰਦਰਸ਼ਨ ਦੀ ਰੂਪਰੇਖਾ ਉਲੀਕੀ ਜਾਣੀ ਸੀ। ਹਾਲਾਂਕਿ ਉਹ ਕਿਸੇ ਵੀ ਤਰ੍ਹਾਂ ਲੋਕਾਂ ਦਾ ਨੁਕਸਾਨ ਨਹੀਂ ਚਾਹੁੰਦੇ, ਪਰ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਮਾਮਲਿਆਂ 'ਤੇ ਚੁੱਪ ਵੀ ਨਹੀਂ ਬੈਠਿਆ ਜਾਵੇਗਾ।
ਇਨ੍ਹਾਂ ਵਾਰਦਾਤਾਂ ਤੋਂ ਬਾਅਦ ਹਮਾਯੂਪੁਰ, ਬ੍ਰਾਹਮਣ ਮਾਜਰਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਦੁਕਾਨਦਾਰਾਂ ਵਿੱਚ ਚਿੰਤਾ ਦਾ ਮਾਹੌਲ ਹੈ। ਪੀੜਤ ਅਸ਼ਵਨੀ ਚੈਟਲੀ ਅਤੇ ਕਮਲਜੀਤ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਜਲਦ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਦੇ ਨਾਲ ਹੀ ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਹਮਾਯੂਪੁਰ, ਬ੍ਰਾਹਮਣ ਮਾਜਰਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਖ਼ਾਸ ਕਰਕੇ ਸ਼ਾਮ ਅਤੇ ਰਾਤ ਸਮੇਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਅਜਿਹੀਆਂ ਅਪਰਾਧਿਕ ਗਤੀਵਿਧੀਆਂ 'ਤੇ ਰੋਕ ਨਾ ਲਗਾਈ ਗਈ ਤਾਂ ਦੁਕਾਨਦਾਰਾਂ ਅਤੇ ਆਮ ਲੋਕਾਂ ਵਿੱਚ ਡਰ ਹੋਰ ਵਧ ਸਕਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਪ੍ਰਸ਼ਾਸਨ ਇਨ੍ਹਾਂ ਘਟਨਾਵਾਂ ਨੂੰ ਕਿੰਨੀ ਗੰਭੀਰਤਾ ਨਾਲ ਲੈਂਦਾ ਹੈ ਅਤੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਕੀ ਕਾਰਵਾਈ ਕਰਦਾ ਹੈ।ਇਸ ਮੌਕੇ ਕੌਂਸਲਰ ਨਰਿੰਦਰ ਕੁਮਾਰ ਬਿੰਦਰ,ਰਾਜੇਸ਼ ਕੁਮਾਰ ਛਿੰਨੂ, ਰਣਧੀਰ ਸਿੰਘ ਆਦਿ ਹਾਜ਼ਰ ਸਨ।