- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ਚੋਣ ਕਮਿਸ਼ਨ ਵੱਲੋਂ ਜਾਰੀ ਐੱਸਆਈਆਰ ਦੌਰਾਨ ਵੋਟਾਂ ਕੱਟੇ ਜਾਣ ਦੇ ਖ਼ਦਸ਼ਿਆਂ ’ਤੇ ਮੁੱਖ ਮੰਤਰੀ ਨੇ ਦੋ ਟੁੱਕ ਕਿਹਾ ਹੈ ਕਿ ਸੂਬੇ ’ਚ ਕਿਸੇ ਦੀ ਯੋਗ ਵੋਟਰ ਦੀ ਵੋਟ ਨਹੀਂ ਕੱਟਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੰਗਾਲ ਤੇ ਬਿਹਾਰ ਵਾਂਗ ਪੰਜਾਬ ’ਚ ਇਸ ਤਰ੍ਹਾਂ ਨਹੀਂ ਹੋਣ ਦਿੱਤਾ ਜਾਵੇਗਾ।

ਗੁਰਪ੍ਰੀਤ ਸਿੰਘ ਮਹਿਕ, ਪੰਜਾਬੀ ਜਾਗਰਣ,ਫਤਹਿਗੜ੍ਹ ਸਾਹਿਬ : ਪੰਜਾਬ ’ਚ ਚੋਣ ਕਮਿਸ਼ਨ ਵੱਲੋਂ ਜਾਰੀ ਐੱਸਆਈਆਰ ਦੌਰਾਨ ਵੋਟਾਂ ਕੱਟੇ ਜਾਣ ਦੇ ਖ਼ਦਸ਼ਿਆਂ ’ਤੇ ਮੁੱਖ ਮੰਤਰੀ ਨੇ ਦੋ ਟੁੱਕ ਕਿਹਾ ਹੈ ਕਿ ਸੂਬੇ ’ਚ ਕਿਸੇ ਦੀ ਯੋਗ ਵੋਟਰ ਦੀ ਵੋਟ ਨਹੀਂ ਕੱਟਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੰਗਾਲ ਤੇ ਬਿਹਾਰ ਵਾਂਗ ਪੰਜਾਬ ’ਚ ਇਸ ਤਰ੍ਹਾਂ ਨਹੀਂ ਹੋਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਪਿੰਡ ਚਨਾਰਥਲ ਕਲਾਂ ਵਿਖੇ ਲੋਕ ਮਿਲਣੀ ’ਚ ਪੁੱਜੇ ਸਨ। ਇੱਥੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਜਦੋਂ ਇਕ ਵਿਅਕਤੀ ਨੇ ਐੱਸਆਈਆਰ ਦੌਰਾਨ ਵੋਟਾਂ ਕੱਟੇ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਬੰਗਾਲ ਜਾਂ ਬਿਹਾਰ ’ਚ ਲੋਕਾਂ ਦੀਆਂ ਵੋਟਾਂ ਕੱਟ ਸਕਦੀ ਹੈ ਪਰ ਪੰਜਾਬ ’ਚ ਅਜਿਹਾ ਨਹੀਂ ਕਰਨ ਦਿੱਤਾ ਜਾਵੇਗਾਥ। ਉਨ੍ਹਾਂ ਕਿਹਾ ਕਿ ਨਾ ਤਾਂ ਕਿਸੇ ਯੋਗ ਵੋਟ ਦੀ ਵੋਟ ਕੱਟਣ ਦਿੱਤੀ ਜਾਵੇਗੀ ਤੇ ਨਾ ਹੀ ਕੋਈ ਨਕਲੀ ਵੋਟ ਬਣਨ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਾਮਲੇ ’ਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੌਕੇ ’ਤੇ ਹਾਜ਼ਰ ਡਿਪਟੀ ਕਮਿਸ਼ਨਰ ਨੇ ਵੀ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਵੇਖਣ ਦੌਰਾਨ ਕਿਸੇ ਵੀ ਯੋਗ ਵਿਅਕਤੀ ਦੀ ਵੋਟ ਨਹੀਂ ਕੱਟੀ ਜਾਵੇਗੀ। ਬੀਐਲਓਜ਼ ਖ਼ੁਦ ਫਾਰਮ ਭਰਨ ’ਚ ਲੋਕਾਂ ਦੀ ਮਦਦ ਕਰਨਗੇ।
ਉਨ੍ਹਾਂ ਅਕਾਲੀ ਦਲ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਉਨ੍ਹਾਂ (ਭਗਵੰਤ ਮਾਨ) ਨੇ ਹੀ ਪਹਿਲੀ ਵਾਰ ਸੰਸਦ ’ਚ ਸਾਹਿਬਜ਼ਾਦਿਆਂ ਨੂੰ ਸ਼ਰਧਾਂਜ਼ਲੀ ਦਿਵਾਈ ਤੇ ਬੇਅਦਬੀ ਵਿਰੋਧੀ ਕਾਨੂੰਨ ਬਣਾਇਆ, ਇਸ ਲਈ ਉਹ ਪੰਥ ਦੋਖੀ ਕਿਵੇਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਕਾਨੂੰਨ ਦਾ ਵਿਰੋਧ ਕਰਨ ਵਾਲੇ ‘ਅਕਾਲੀ’ ਹੀ ਬੇਅਦਬੀ ਦੇ ਦੋਸ਼ੀ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ਦਾ ਕੰਮ ਕੀਤਾ ਸੀ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ’ਤੇ ਹੀ ਖ਼ਰਚ ਕਰ ਰਹੀ ਹੈ। ਸੂਬਾ ਸਰਕਾਰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੇ ਸਿਹਤ ਤੇ ਸਿੱਖਿਆ ਦੇ ਖੇਤਰ ’ਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ’ਚ ਬਣਾਏ ਗਏ ਆਮ ਆਦਮੀ ਕਲੀਨਿਕਾਂ ਤੋਂ ਲੱਖਾਂ ਲੋਕ ਮੁਫ਼ਤ ਇਲਾਜ ਕਰਵਾ ਕੇ ਲਾਭ ਲੈ ਰਹੇ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਇਆ ਜਾ ਰਿਹਾ ਹੈ ਤਾਂ ਜੋ ਗਰੀਬ ਬੱਚਿਆਂ ਨੂੰ ਵੀ ਉੱਚ ਮਿਆਰੀ ਸਿੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਜਿਸ ਨਾਲ 90 ਫੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਸਾਨਾਂ ਦੀ ਗੱਲ ਕਰਦਿਆਂ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਰਕਾਰ ਨਵੀਆਂ ਨੀਤੀਆਂ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਅਧਿਕਾਰੀ ਜਾਂ ਨੇਤਾ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਲੁੱਟ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਉਨ੍ਹਾਂ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਚਨਾਰਥਲ ਕਲਾਂ ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦਾ ਚੈੱਕ ਸੌਂਪਦੇ ਹੋਏ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਹਰ ਮਸਲੇ ਨੂੰ ਹੱਲ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਗੁਰਵਿੰਦਰ ਸਿੰਘ ਢਿੱਲੋ, ਬਲਵੀਰ ਸਿੰਘ ਸੋਢੀ ਤੇ ਹੋਰ ਆਗੂਆਂ ਤੋਂ ਇਲਾਵਾ ਇਲਾਕਾ ਵਾਸੀ, ਪਾਰਟੀ ਵਰਕਰ ਮੌਜੂਦ ਸਨ।