
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਨੇੜਲੇ ਸਾਂਝ ਕੇਂਦਰ ਵਿੱਚ ਦੇਣ ਦੇ ਨਾਲ-ਨਾਲ CEIR ਪੋਰਟਲ ’ਤੇ ਵੀ ਦਰਜ ਕਰਵਾਈ ਜਾਵੇ, ਤਾਂ ਜੋ ਪੁਲਿਸ ਵੱਲੋਂ ਮੋਬਾਈਲ ਨੂੰ ਟ੍ਰੇਸ ਕਰਕੇ ਬਰਾਮਦ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਪੱਤਰ ਪ੍ਰੇਰਕ,ਪੰਜਾਬੀ ਜਾਗਰਣ,ਫਤਿਹਗੜ੍ਹ ਸਾਹਿਬ: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਪੁਲਿਸ ਨੇ ਤਕਨੀਕੀ ਵਿੰਗ ਦੀ ਮਦਦ ਨਾਲ ਗੁਆਚੇ ਅਤੇ ਚੋਰੀ ਹੋਏ ਮੋਬਾਈਲ ਫੋਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਬਰਾਮਦ ਕੀਤੇ ਗਏ ਮੋਬਾਈਲ ਫੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ।
ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਦੀ ਸਾਇਬਰ ਅਤੇ ਤਕਨੀਕੀ ਟੀਮ ਵੱਲੋਂ CEIR ਪੋਰਟਲ ਅਤੇ ਆਧੁਨਿਕ ਟ੍ਰੈਕਿੰਗ ਤਕਨੀਕਾਂ ਦੀ ਵਰਤੋਂ ਕਰਦਿਆਂ ਕਰੀਬ ਇੱਕ ਕਰੋੜ ਰੁਪਏ ਦੀ ਕੀਮਤ ਵਾਲੇ 500 ਮੋਬਾਈਲ ਫੋਨ ਟ੍ਰੇਸ ਕਰਕੇ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੀ ਤਕਨੀਕੀ ਟੀਮ ਵੱਲੋਂ ਲਗਾਤਾਰ ਕੀਤੀ ਜਾ ਰਹੀ ਮਿਹਨਤ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਤਕਨੀਕ ਦੀ ਵਰਤੋਂ ਕਾਰਨ ਇਹ ਉਪਲਬਧੀ ਹਾਸਲ ਹੋਈ ਹੈ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਨੇੜਲੇ ਸਾਂਝ ਕੇਂਦਰ ਵਿੱਚ ਦੇਣ ਦੇ ਨਾਲ-ਨਾਲ CEIR ਪੋਰਟਲ ’ਤੇ ਵੀ ਦਰਜ ਕਰਵਾਈ ਜਾਵੇ, ਤਾਂ ਜੋ ਪੁਲਿਸ ਵੱਲੋਂ ਮੋਬਾਈਲ ਨੂੰ ਟ੍ਰੇਸ ਕਰਕੇ ਬਰਾਮਦ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਐਸ.ਐਸ.ਪੀ. ਨੇ ਲੋਕਾਂ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਅਣਪਛਾਤੇ ਵਿਅਕਤੀਆਂ ਤੋਂ ਬਿਨਾਂ ਬਿੱਲ ਜਾਂ ਬਿਨਾਂ ਕਿਸੇ ਭਰੋਸੇਯੋਗ ਦਸਤਾਵੇਜ਼ ਦੇ ਪੁਰਾਣੇ ਮੋਬਾਈਲ ਫੋਨ ਨਾ ਖਰੀਦੇ ਜਾਣ। ਉਨ੍ਹਾਂ ਕਿਹਾ ਕਿ ਅਜਿਹੇ ਮੋਬਾਈਲ ਚੋਰੀ ਦੇ ਹੋ ਸਕਦੇ ਹਨ ਅਤੇ ਇਨ੍ਹਾਂ ਦੀ ਖਰੀਦਦਾਰੀ ਕਰਨ ਵਾਲੇ ਵਿਅਕਤੀ ਵੀ ਕਾਨੂੰਨੀ ਮੁਸ਼ਕਲ ਵਿੱਚ ਫਸ ਸਕਦੇ ਹਨ।
ਇਸ ਮੌਕੇ ਵੱਖ-ਵੱਖ ਥਾਵਾਂ ਤੋਂ ਆਪਣੇ ਗੁਆਚੇ ਹੋਏ ਮੋਬਾਈਲ ਫੋਨ ਵਾਪਸ ਲੈਣ ਲਈ ਪਹੁੰਚੇ ਲੋਕਾਂ ਨੇ ਫਤਿਹਗੜ੍ਹ ਸਾਹਿਬ ਪੁਲਿਸ ਦਾ ਧੰਨਵਾਦ ਕੀਤਾ। ਉਨ੍ਹਾਂ ਪੁਲਿਸ ਵੱਲੋਂ ਤਕਨੀਕੀ ਸਾਧਨਾਂ ਦੀ ਵਰਤੋਂ ਕਰਕੇ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੋਬਾਈਲ ਫੋਨ ਵਾਪਸ ਮਿਲਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ।