ਯੁੱਧ ਨਸ਼ਿਆਂ ਵਿਰੁੱਧ ਤਹਿਤ ਫੁੱਟਬਾਲ ਟੂਰਨਾਮੈਂਟ ਦਾ ਆਗਾਜ਼
ਯੁੱਧ ਨਸ਼ਿਆਂ ਵਿਰੁੱਧ ਤਹਿਤ ਫੁਟਬਾਲ ਟੂਰਨਾਮੈਂਟ ਦਾ ਆਗਾਜ਼
Publish Date: Wed, 01 Apr 2026 06:05 PM (IST)
Updated Date: Wed, 01 Apr 2026 06:07 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਸਥਾਨਕ ਆਈਟੀਆਈ ਵਿਖੇ 3 ਦਿਨਾਂ ਫੁੱਟਬਾਲ ਟੂਰਨਾਮੈਂਟ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਡੀਐੱਸਪੀ ਰਾਜਕੁਮਾਰ ਸਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਇਸ ਇਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਦਲਦਲ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ। ਐੱਸਐੱਚਓ ਬਸੀ ਪਠਾਣਾਂ ਬਲਵੀਰ ਸਿੰਘ ਨੇ ਖਿਡਾਰੀਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਮਾਜ ਲਈ ਇਕ ਕੋਹੜ ਹੈ ਅਤੇ ਇਸ ਨੂੰ ਖ਼ਤਮ ਕਰਨ ਲਈ ਨੌਜਵਾਨਾਂ ਦਾ ਖੇਡਾਂ ਵਿਚ ਉਤਸ਼ਾਹ ਨਾਲ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਵਰਤ ਰਹੀ ਹੈ, ਪਰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਉਦੋਂ ਹੀ ਸੰਭਵ ਹੈ ਜਦੋਂ ਹਰ ਨੌਜਵਾਨ ਇਸ ਜੰਗ ’ਚ ਆਪਣਾ ਯੋਗਦਾਨ ਪਾਵੇ। ਮੈਚ ਦੌਰਾਨ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਪ੍ਰਦਰਸ਼ਨ ਕੀਤਾ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਪੁਲਿਸ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਆਉਣ ਵਾਲੇ ਸਮੇਂ ਵਿਚ ਵੀ ਇਲਾਕੇ ਅੰਦਰ ਅਜਿਹੇ ਖੇਡ ਮੁਕਾਬਲੇ ਲਗਾਤਾਰ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਮੈਚ ਰੈਫਰੀ ਰਣਵੀਰ ਸਿੰਘ ਰਾਣਾ ਨੇ ਦੱਸਿਆ ਕਿ ਅੱਜ ਦਾ ਮੈਚ ਬਾਬਾ ਬੁੱਧ ਦਾਸ ਫੁਟਬਾਲ ਕਲੱਬ ਅਤੇ ਕਲੌਂਦੀ ਫੁੱਟਬਾਲ ਕਲੱਬ ਦਰਮਿਆਨ ਖੇਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫਾਈਨਲ ਮੁਕਾਬਲਾ 3 ਅਪ੍ਰੈਲ ਨੂੰ ਖੇਡਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਫੁੱਟਬਾਲ ਦਾ ਅਨੰਦ ਲੈਣ ਆਏ ਪ੍ਰੇਮੀਆਂ ਆਮ ਆਦਮੀ ਪਾਰਟੀ ਦੇ ਆਗੂ ਵੀ ਸ਼ਾਮਲ ਸਨ।