- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਚੀਮਾ ਸਾਥੀਆਂ ਸਮੇਤ ‘ਆਪ’ ’ਚ ਸ਼ਾਮਲ

ਗੁਰਪ੍ਰੀਤ ਸਿੰਘ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਲ 2007 ’ਚ ਵਿਧਾਨ ਸਭਾ ਚੋਣ ਲੜ ਚੁੱਕੇ ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਚੀਮਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ’ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਚੀਮਾ ਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ’ਚ ਸਵਾਗਤ ਕਰਦਿਆਂ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਵਿਧਾਇਕ ਰਾਏ ਨੇ ਕਿਹਾ ਕਿ ਅਮਰਜੀਤ ਸਿੰਘ ਚੀਮਾ ਵਰਗੀਆਂ ਸੂਝਵਾਨ ਸ਼ਖ਼ਸੀਅਤਾਂ ਦੇ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਸਮਾਜ ਸੇਵਾ ਦੇ ਨਾਲ-ਨਾਲ ਚੀਮਾ ਪਹਿਲਾਂ ਕਾਂਗਰਸ ਪਾਰਟੀ ਲਈ ਵੀ ਕੰਮ ਕਰ ਚੁੱਕੇ ਹਨ ਤੇ ਹੁਣ ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਏ ਹਨ। ਅਮਰਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਹਿੱਸਾ ਬਣੇ ਹਨ। ਇਸ ਮੌਕੇ ਸਮਾਜ ਸੇਵੀ ਮਨਪ੍ਰੀਤ ਸਿੰਘ ਤੇ ਜੈਵੇਦ ਵੀ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਲ ਹੋਏ। ਇਸ ਮੌਕੇ ਕੌਂਸਲਰ ਜਤਿੰਦਰ ਕੌਰ ਬਾਤਿਸ਼, ਸੋਸ਼ਲ ਮੀਡੀਆ ਮਾਲਵਾ ਜ਼ੋਨ ਦੇ ਇੰਚਾਰਜ ਦੀਪਕ ਬਾਤਿਸ਼, ਕੌਂਸਲਰ ਹਰਕਮਲ ਸਿੰਘ, ਥਾਣੇਦਾਰ ਬਲਜਿੰਦਰ ਸਿੰਘ, ਸੰਦੀਪ ਸਿੰਘ ਵਾਲਮੀਕਿ, ਬਲਵੀਰ ਚੀਮਾ, ਕੌਂਸਲਰ ਬਲਜਿੰਦਰ ਗੋਲਾ ਤੇ ਅਮਰਦੀਪ ਸਿੰਘ ਆਦਿ ਹਾਜ਼ਰ ਸਨ।