ਕਾਂਗਰਸ ਹਾਈਕਮਾਨ ਦਾ ਅਹਿਮ ਫ਼ੈਸਲਾ: ਕੁਲਜੀਤ ਸਿੰਘ ਨਾਗਰਾ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ
ਕਾਂਗਰਸ ਦੀ ਸਮੁੱਚੀ ਹਾਈਕਮਾਨ ਦਾ ਦਿਲੋਂ ਧੰਨਵਾਦ ਕਰਦਿਆਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਇਸ ਅਹਿਮ ਜ਼ਿੰਮੇਵਾਰੀ ਲਈ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਪ੍ਰਗਟਾਇਆ ਗਿਆ ਭਰੋਸਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।
Publish Date: Sat, 17 Oct 2026 04:38 PM (IST)
Updated Date: Sat, 17 Oct 2026 04:42 PM (IST)
ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫ਼ਤਿਹਗੜ੍ਹ ਸਾਹਿਬ। ਪੰਜਾਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ (AICC) ਵੱਲੋਂ ਦੇਸ਼ ਭਰ ’ਚ ਚਲਾਈ ਜਾ ਰਹੀ “ਵੋਟ ਬਚਾਓ -ਦੇਸ਼ ਬਚਾਓ ” ਮੁਹਿੰਮ ਲਈ ਆਬਜ਼ਰਵਰ ਨਿਯੁਕਤ ਕੀਤਾ।
ਕਾਂਗਰਸ ਦੀ ਸਮੁੱਚੀ ਹਾਈਕਮਾਨ ਦਾ ਦਿਲੋਂ ਧੰਨਵਾਦ ਕਰਦਿਆਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਇਸ ਅਹਿਮ ਜ਼ਿੰਮੇਵਾਰੀ ਲਈ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਪ੍ਰਗਟਾਇਆ ਗਿਆ ਭਰੋਸਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨਿਰਪੱਖ ਚੋਣ ਪ੍ਰਕਿਰਿਆ ਅਤੇ ਹਰ ਯੋਗ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰਾਖੀ ਬੇਹੱਦ ਜ਼ਰੂਰੀ ਹੈ।
“ਵੋਟ ਬਚਾਓ- ਦੇਸ਼ ਬਚਾਓ” ਮੁਹਿੰਮ ਦੇਸ਼ ਦੇ ਲੋਕਤੰਤਰਿਕ ਢਾਂਚੇ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਰਾਹੀਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਅਤੇ ਲੋਕਤੰਤਰਿਕ ਪ੍ਰਕਿਰਿਆ ’ਚ ਉਨ੍ਹਾਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।
ਸਾਬਕਾ ਵਿਧਾਇਕ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਕੰਮ ਕਰਨਗੇ।
ਅੰਤ ’ਚ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰ, ਸੰਵਿਧਾਨ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਦੀ ਰਹੀ ਹੈ ਅਤੇ ਉਹ ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ।