
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੈਰੀ ਬੜਿੰਗ ਵੱਲੋਂ ਪਿੰਡ ਤੁਰਾਂ ’ਚ ਖੇਡ ਮੈਦਾਨ ਦਾ ਉਦਘਾਟਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਪਿੰਡਾਂ ਅੰਦਰ ਬਣਾਏ ਜਾ ਰਹੇ ਆਧੁਨਿਕ ਖੇਡ ਮੈਦਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਵਿਚ ਸਹਾਈ ਸਾਬਤ ਹੋਣਗੇ। ਇਹ ਪ੍ਰਗਟਾਵਾ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਿੰਡ ਤੁਰਾਂ ਵਿਖੇ ਬਣੇ ਆਧੁਨਿਕ ਖੇਡ ਮੈਦਾਨ ਨੂੰ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ। ਵਿਧਾਇਕ ਗੈਰੀ ਬੜਿੰਗ ਨੇ ਦੱਸਿਆ ਕਿ ਹਲਕਾ ਅਮਲੋਹ ਦੇ ਪਿੰਡ ਦਦਹੇੜੀ, ਕੁੰਭ, ਮੀਆਂਪੁਰ ਅਤੇ ਸਲਾਨੀ ਵਿਖੇ ਵੀ 5 ਹੋਰ ਆਧੁਨਿਕ ਖੇਡ ਮੈਦਾਨ ਬਣ ਕੇ ਤਿਆਰ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਵਾਲੀਬਾਲ, ਫੁੱਟਬਾਲ ਅਤੇ ਹੋਰ ਰਵਾਇਤੀ ਖੇਡਾਂ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਾਫ਼-ਸੁਥਰੇ ਵਾਤਾਵਰਨ ਲਈ ਖੇਡ ਮੈਦਾਨਾਂ ਦੇ ਆਲੇ-ਦੁਆਲੇ ਬੂਟੇ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਹਰ ਪਿੰਡ ਤੱਕ ਖੇਡ ਸਹੂਲਤਾਂ ਪਹੁੰਚਾ ਕੇ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿਚ ਮੋਹਰੀ ਬਣਾਉਣਾ ਹੈ। ਪਿੰਡਾਂ ਵਿਚ ਖੇਡ ਮੈਦਾਨ ਬਣਨ ਨਾਲ ਨੌਜਵਾਨਾਂ ਨੂੰ ਆਪਣੀ ਊਰਜਾ ਉਸਾਰੂ ਪਾਸੇ ਲਗਾਉਣ ਅਤੇ ਪੇਂਡੂ ਖੇਡ ਪ੍ਰਤਿਭਾ ਨੂੰ ਨਿਖਾਰਨ ਦਾ ਢੁਕਵਾਂ ਮੌਕਾ ਮਿਲੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।