- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਸਕੂਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਸਮਾਗਮ ਦੌਰਾਨ ਸਮੁੱਚਾ ਮਾਹੌਲ ਗੁਰਬਾਣੀ ਦੀ ਮਧੁਰ ਧੁਨ ਨਾਲ ਰੂਹਾਨੀ ਰੰਗ ’ਚ ਰੰਗਿਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਗੁਰਬਾਣੀ ਕੀਰਤਨ ਕਰਦਿਆਂ ਸਕੂਲ ਦੇ ਵਿਹੜੇ ’ਚ ਸ਼ਰਧਾਮਈ ਫੇਰਾ ਪਾਇਆ ਗਿਆ। ਇਸ ਰਾਹੀਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ‘ਨਾਮ ਜਪੋ’ ਅਤੇ ‘ਸਰਬੱਤ ਦੇ ਭਲੇ’ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਬੱਚਿਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਸੱਚਾਈ, ਇਮਾਨਦਾਰੀ, ਨਿਮਰਤਾ ਤੇ ਮਨੁੱਖਤਾ ਦੀ ਸੇਵਾ ਵਰਗੇ ਗੁਣ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ।