ਸਰਕਾਰ ਸ਼੍ਰੋਮਣੀ ਕਮੇਟੀ ਦੇ ਮਸਲਿਆਂ 'ਚ ਬੇਲੁੜੀਂਦੀ ਦਖਲ ਅੰਦਾਜ਼ੀ ਕਰ ਰਹੀ : ਰਾਜੂ ਖੰਨਾ
ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ 'ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾ ਰਹੀ ਹੈ : ਰਾਜੂ ਖੰਨਾ
Publish Date: Fri, 02 Jan 2026 05:14 PM (IST)
Updated Date: Fri, 02 Jan 2026 05:17 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਜੁੜੇ ਮਾਮਲੇ ਤੇ ਸਿਆਸਤ ਕਰਨ ਦਾ ਗੰਭੀਰ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਇੱਕ ਪਾਸੇ ਮਾਨ ਸਰਕਾਰ ਦੇ ਕਾਰਜਕਾਲ ਵਿਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਦੂਜੇ ਪਾਸੇ ਇਨ੍ਹਾਂ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿਚ ਜਾਣਬੁੱਝ ਕੇ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਅਤੇ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਅਜਿਹੀ ਸਿਆਸਤ ਕਰ ਰਹੇ ਹਨ। ਉਨ੍ਹਾਂ ਬਰਗਾੜੀ ਬੇਅਦਬੀ ਮਾਮਲੇ ਸਮੇਤ ਹੋਰ ਘਟਨਾਵਾਂ ਵਿਚ ਇਨਸਾਫ਼ ਦੇਣ ਵਿਚ ਸਰਕਾਰ ਦੀ ਨਾਕਾਮੀ ਤੇ ਤਿੱਖਾ ਹਮਲਾ ਕੀਤਾ। ਰਾਜੂ ਖੰਨਾ ਨੇ ਜ਼ੋਰ ਦਿੱਤਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਵੱਲੋਂ ਚੁਣੀ ਹੋਈ ਆਜ਼ਾਦ ਸੰਸਥਾ ਹੈ ਅਤੇ ਸਰਕਾਰ ਵੱਲੋਂ ਇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਘੱਟਗਿਣਤੀ ਸਿੱਖਾਂ ਦੀ ਕੇਂਦਰੀ ਸੰਸਥਾ ਨਾਲ ਧੱਕਾ ਹੈ। ਉਨ੍ਹਾਂ ਅਜਿਹੀ ਵਾਰਾ-ਖਾਂਦੀ ਸਿਆਸਤ ਨੂੰ ਗਲਤ ਕਰਾਰ ਦਿੱਤਾ।