
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ : ਬਡੂੰਗਰ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਵੱਲੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਮਨਵਾਉਣ ਲਈ ਕੀਤੇ ਗਏ ਸਫ਼ਲ ‘ਪੰਜਾਬ ਮਹਾਂਬੰਦ’ ਲਈ ਸਮੂਹ ਕਰਮਚਾਰੀ ਜਥੇਬੰਦੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਤੁਰੰਤ ਮੰਨਣ ਦੀ ਪੁਰਜ਼ੋਰ ਅਪੀਲ ਕੀਤੀ। ਪ੍ਰੋ. ਬਡੂੰਗਰ, ਜੋ ਆਪ ਵੀ ਪੁਰਾਣੇ ਸੰਘਰਸ਼ੀ ਕਰਮਚਾਰੀ ਆਗੂ ਰਹੇ ਹਨ, ਨੇ ਕਿਹਾ ਕਿ ਸਰਕਾਰੀ ਅਤੇ ਅਰਧ-ਸਰਕਾਰੀ ਮੁਲਾਜ਼ਮ ਜਿੱਥੇ ਸਰਕਾਰ ਦੀ ਸੰਚਾਲਕ ਸ਼ਕਤੀ ਹੁੰਦੇ ਹਨ, ਉੱਥੇ ਹੀ ਉਹ ਸਮਾਜ ਦਾ ਇੱਕ ਅਹਿਮ ਅਤੇ ਜਾਗਰੂਕ ਅੰਗ ਵੀ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਸਰਕਾਰ ਆਪਣੇ ਮੁਲਾਜ਼ਮਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਕਾਰਜਸ਼ੀਲ ਨਹੀਂ ਰਹਿ ਸਕਦੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਵਾਲੀ ਸੋਚ ਛੱਡ ਕੇ ਕਰਮਚਾਰੀ ਜਥੇਬੰਦੀਆਂ ਨਾਲ ਮੇਜ਼ ’ਤੇ ਬੈਠੇ ਅਤੇ ਸ਼ਾਂਤਮਈ ਢੰਗ ਨਾਲ ਗੱਲਬਾਤ ਰਾਹੀਂ ਮਸਲੇ ਹੱਲ ਕਰ ਕੇ ਸੂਬੇ ਦੇ ਮਾਹੌਲ ਨੂੰ ਸੁਖਾਵਾਂ ਬਣਾਏ।