- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
75 ਸਾਲਾ ਤੋਂ ਵਾਹੀ ਕਰ ਰਹੇ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ ਸਰਕਾਰ : ਨਾਗਰਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਵਿਚ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਲੈ ਕੇ ਸਰਕਾਰ ਦੀ ਨੀਤੀ ’ਤੇ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਤਰੀਕੇ ਨਾਲ ਕਾਬਜ਼ ਹੋਣ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਪਿੰਡ ਹਰਬੰਸਪੁਰਾ ਵਿਖੇ ਉਨ੍ਹਾਂ ਕਿਸਾਨਾਂ ਦੇ ਹੱਕ ਵਿਚ ਬੋਲ ਰਹੇ ਸਨ ਜੋ ਆਪਣੇ ਖੇਤਾਂ ਵਿਚ ਬੁਰਜੀਆਂ ਲਗਾਉਣ ਆਏ ਸਰਕਾਰੀ ਅਧਿਕਾਰੀਆਂ ਦਾ ਵਿਰੋਧ ਕਰ ਰਹੇ ਸਨ। ਨਾਗਰਾ ਨੇ ਦੱਸਿਆ ਕਿ ਆਜ਼ਾਦੀ ਤੋਂ ਬਾਅਦ ਜਦੋਂ ਹਰਬੰਸਪੁਰਾ ਦੇ ਨੇੜੇ ਲੰਘਦੀ ਸਰਹਿੰਦ ਭਾਖੜਾ ਨਹਿਰ ਦਾ ਨਿਰਮਾਣ ਹੋਇਆ ਸੀ ਤਾਂ ਨਹਿਰ ਦੇ ਨਾਲ ਲੱਗਦੀਆਂ ਜ਼ਮੀਨਾਂ ਦੀ ਪੱਟ-ਪਟਾਈ ਕੀਤੀ ਗਈ ਸੀ। ਉਸ ਸਮੇਂ ਨਹਿਰ ਦੇ ਨੇੜੇ ਕਈ ਥਾਵਾਂ ’ਤੇ ਵੱਡੇ-ਵੱਡੇ ਖੱਡੇ ਬਣ ਗਏ ਸਨ। ਸਰਕਾਰ ਵੱਲੋਂ ਉਸ ਵੇਲੇ ਪਿੰਡ ਦੇ ਲੋਕਾਂ ਨੂੰ ਕਿਹਾ ਗਿਆ ਸੀ ਕਿ ਉਹ ਇਹ ਖੱਡੇ ਮਿੱਟੀ ਨਾਲ ਭਰ ਕੇ ਆਪਣੀ ਜ਼ਮੀਨ ਨਾਲ ਰਲਾਉਣ ਤਾਂ ਜੋ ਨਹਿਰ ਦੇ ਨੇੜੇ ਬਣੇ ਖੱਡਿਆਂ ਕਾਰਨ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਪਿੰਡ ਦੇ ਕਿਸਾਨਾਂ ਨੇ ਸਰਕਾਰ ਦੀ ਗੱਲ ਮੰਨਦੇ ਹੋਏ ਆਪਣੇ ਖੇਤਾਂ ਵਿੱਚੋਂ ਮਿੱਟੀ ਕੱਢ ਕੇ ਇਹ ਖੱਡੇ ਭਰੇ ਅਤੇ ਬਾਅਦ ਵਿਚ ਉਨ੍ਹਾਂ ਵਿਚ ਖੇਤੀਬਾੜੀ ਕਰਨੀ ਸ਼ੁਰੂ ਕਰ ਦਿੱਤੀ। ਪਰ ਹੁਣ ਲਗਭਗ 70 ਤੋਂ 75 ਸਾਲ ਬਾਅਦ ਸਰਕਾਰ ਵੱਲੋਂ ਇਸ ਜ਼ਮੀਨ ਨੂੰ ਖ਼ਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜੋ ਕਿ ਬਿਲਕੁਲ ਵੀ ਬਰਦਾਸ਼ਤਯੋਗ ਨਹੀਂ ਹਨ। ਨਾਗਰਾ ਨੇ ਕਿਹਾ ਕਿ ਪਿੰਡ ਦੇ ਦਰਜਨਾਂ ਛੋਟੇ ਕਿਸਾਨ ਇਸ ਜ਼ਮੀਨ ’ਤੇ ਖੇਤੀ ਕਰਕੇ ਆਪਣਾ ਗੁਜ਼ਾਰਾ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਕਿਸਾਨਾਂ ਨੇ ਆਪਣੀ ਮਿਹਨਤ ਨਾਲ ਖੱਡਿਆਂ ਨੂੰ ਭਰ ਕੇ ਖੇਤੀਯੋਗ ਬਣਾਇਆ ਤਾਂ ਹੁਣ ਸਰਕਾਰ ਦੀ ਨਜ਼ਰ ਇਸ ਜ਼ਮੀਨ ’ਤੇ ਪੈ ਗਈ ਹੈ ਅਤੇ ਗ਼ਰੀਬ ਕਿਸਾਨਾਂ ਦੇ ਮੂੰਹੋਂ ਰੋਟੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਹੋਰ ਮੁਸ਼ਕਲਾਂ ਵਿਚ ਨਾ ਧੱਕੇ। ਜੇ ਇਹ ਜ਼ਮੀਨਾਂ 70-75 ਸਾਲਾਂ ਤੋਂ ਕਿਸਾਨਾਂ ਦੇ ਕਬਜ਼ੇ ਵਿਚ ਹਨ ਅਤੇ ਉਨ੍ਹਾਂ ਵੱਲੋਂ ਲਗਾਤਾਰ ਖੇਤੀ ਕੀਤੀ ਜਾ ਰਹੀ ਹੈ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਜ਼ਮੀਨ ਨੂੰ ਕਾਨੂੰਨੀ ਤੌਰ ’ਤੇ ਕਿਸਾਨਾਂ ਦੇ ਨਾਂ ਕਰ ਦਿੱਤਾ ਜਾਵੇ। ਨਾਗਰਾ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਬਿਕਰਮਜੀਤ ਸਿੰਘ ਚੀਮਾ, ਸਤਨਾਮ ਸਿੰਘ ਚੀਮਾ, ਗੁਰਨਾਮ ਸਿੰਘ, ਅਜੀਤ ਸਿੰਘ, ਅਮਰੀਕ ਸਿੰਘ, ਕਸ਼ਮੀਰ ਸਿੰਘ, ਜਸਵਿੰਦਰ ਸਿੰਘ, ਅਮਨਦੀਪ ਸਿੰਘ, ਨਰਿੰਦਰ ਸਿੰਘ, ਸੁਰਿੰਦਰ ਸਿੰਘ, ਮਨਜੀਤ ਸਿੰਘ, ਹਰਦੇਵ ਸਿੰਘ, ਦਿਲਪ੍ਰੀਤ ਸਿੰਘ, ਟਹਿਲ ਸਿੰਘ ਤੇ ਹੋਰ ਪਿੰਡ ਵਾਸੀ ਮੌਜੂਦ ਸਨ।