ਮਾਤਾ ਗੁਜਰੀ ਕਾਲਜ ਵੱਲੋਂ ਮਹਿਲਾ ਦਿਵਸ ਨੂੰ ਸਮਰਪਿਤ ਗੈਸਟ ਲੈਕਚਰ
ਮਾਤਾ ਗੁਜਰੀ ਕਾਲਜ ਦੀ ਕਮਰਸ ਐਸੋਸੀਏਸ਼ਨ ਵੱਲੋਂ ਮਹਿਲਾ ਦਿਵਸ ਨੂੰ ਸਮਰਪਿਤ ਗੈਸਟ ਲੈਕਚਰ
Publish Date: Mon, 09 Mar 2026 06:42 PM (IST)
Updated Date: Mon, 09 Mar 2026 06:45 PM (IST)

ਫ਼ਾਈਲ :24 ਮਹਿਲਾ ਦਿਵਸ ਮੌਕੇ ਮੁੱਖ ਬੁਲਾਰੇ ਡਾ. ਹਰਦੀਪ ਕੌਰ ਨੂੰ ਸਨਮਾਨਿਤ ਕਰਦੇ ਹੋਏ ਕਮਰਸ ਵਿਭਾਗ ਦੇ ਅਧਿਆਪਕ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਦੀ ਕਾਮਰਸ ਐਸੋਸੀਏਸ਼ਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਮਨੋਵਿਗਿਆਨ ਵਿਭਾਗ ਦੇ ਮੁਖੀ ਡਾ. ਹਰਦੀਪ ਕੌਰ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ। ਇਸ ਲੈਕਚਰ ਦਾ ਮੁੱਖ ਉਦੇਸ਼ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ, ਲਿੰਗ ਸਮਾਨਤਾ ’ਤੇ ਚਰਚਾ ਕਰਨਾ ਅਤੇ ਔਰਤਾਂ ਦੀ ਸਮਾਜਿਕ ਉਪਲਬਧੀਆਂ ਨੂੰ ਯਾਦ ਕਰਨਾ ਸੀ। ਮੁੱਖ ਬੁਲਾਰੇ ਡਾ. ਹਰਦੀਪ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਜਿੱਥੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿਣ ਲਈ ਉਤਸ਼ਾਹਿਤ ਕੀਤਾ, ਉੱਥੇ ਨਾਲ ਹੀ ਉਨ੍ਹਾਂ ਨੂੰ ਆਪਣੇ ਹੱਕਾਂ ਅਤੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ ਲਈ ਵੀ ਜਾਗਰੂਕ ਕੀਤਾ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਮਰਸ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਸਾਰੂ ਸਮਾਗਮ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਉਸਾਰੂ ਉਪਰਾਲੇ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਲਈ ਪ੍ਰੇਰਿਤ ਕਰਦੇ ਹਨ। ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਸਭ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਕਮਰਸ ਐਸੋਸੀਏਸ਼ਨ ਦੀ ਪ੍ਰਧਾਨ ਜੈਸਮੀਨ ਕੌਰ ਨੇ ਸਟੇਜ ਸੰਚਾਲਨ ਦੀ ਭੂਮਿਕਾ ਬਾਖ਼ੂਬੀ ਨਿਭਾਈ ਅਤੇ ਐਮ. ਕਾਮ. ਭਾਗ ਦੂਸਰਾ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਵੱਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ। ਇਸ ਮੌਕੇ ਕਮਰਸ ਵਿਭਾਗ ਦੇ ਪ੍ਰੋ. ਰਵਿੰਦਰ ਕੌਰ, ਡਾ. ਰਸ਼ਪਾਲਜੀਤ ਕੌਰ ਅਤੇ ਪ੍ਰੋ. ਨਵਨੀਤ ਕੌਰ ਆਦਿ ਮੌਜੂਦ ਸਨ।