ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਭੋਗ ਪਾਏ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਭੋਗ ਪਾਏ
Publish Date: Sat, 12 Sep 2026 06:02 PM (IST)
Updated Date: Sat, 12 Sep 2026 06:05 PM (IST)
ਫ਼ੋਟੋ ਫ਼ਾਈਲ : 19 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਦੀ ਅਰਦਾਸ ’ਚ ਮੌਜੂਦ ਸੰਗਤ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ੂਰੀ ਰਾਗੀ ਭਾਈ ਦਿਲਪ੍ਰੀਤ ਸਿੰਘ ਦੇ ਜੱਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਨਿਰਮਲ ਸਿੰਘ ਨੇ ਸਮਾਪਤੀ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਗੁਰਬਾਣੀ ਮਨੁੱਖ ਨੂੰ ਸੱਚ ਦੇ ਮਾਰਗ ’ਤੇ ਚੱਲਣ, ਸੇਵਾ, ਨਿਮਰਤਾ ਅਤੇ ਸਰਬੱਤ ਦੇ ਭਲੇ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਆਪਣੇ ਗੌਰਵਮਈ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੁੜਨ ਦੀ ਅਪੀਲ ਕੀਤੀ। ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ’ਚ ਧਾਰਨ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਪਰਵਾਈਜ਼ਰ ਜੋਗਾ ਸਿੰਘ, ਸੁਖਦੇਵ ਸਿੰਘ ਕੋਟਾ, ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਹਰਮਨਜੀਤ ਸਿੰਘ, ਮੀਤ ਮੈਨੇਜਰ ਪ੍ਰਿਤਪਾਲ ਸਿੰਘ, ਹਰਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤ ਮੌਜੂਦ ਸੀ।