- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੱਤਕੇ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਸ਼ਾਨਦਾਰ ਪ੍ਰਾਪਤੀ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ’ਵਰਸਿਟੀ, ਫਤਹਿਗੜ੍ਹ ਸਾਹਿਬ ਦੀ ਗੱਤਕਾ ਟੀਮ ਨੇ ਦੋ ਵੱਕਾਰੀ ਰਾਜ ਪੱਧਰੀ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਲ ਕਰਕੇ ’ਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਟੀਮ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ’ਚ 23 ਜ਼ਿਲ੍ਹਿਆਂ ਦੀਆਂ ਟੀਮਾਂ ਨੂੰ ਪਛਾੜ ਕੇ ਸੋਨ ਤਗ਼ਮਾ ਜਿੱਤਿਆ। ਇਸੇ ਤਰ੍ਹਾਂ ਪੰਜਾਬ ਰਾਜ ਅੰਤਰ-’ਵਰਸਿਟੀ ਯੁਵਕ ਮੇਲੇ-2026 ਦੇ ਗੱਤਕਾ ਪ੍ਰਦਰਸ਼ਨੀ ਮੁਕਾਬਲੇ ’ਚ ਵੀ ਪਹਿਲਾ ਸਥਾਨ ਹਾਸਲ ਕੀਤਾ। ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਹੰਸਾਲੀ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਗੱਤਕਾ ਮੁਕਾਬਲਿਆਂ ’ਚ ਪੰਜਾਬ ਭਰ ਤੋਂ ਲਗਭਗ 1200 ਖਿਡਾਰੀਆਂ ਨੇ ਭਾਗ ਲਿਆ। ਯੂਨੀਵਰਸਿਟੀ ਦੀ ਟੀਮ ਨੇ ਅੰਡਰ-21 ਲੜਕਿਆਂ ਦੇ ਵਰਗ ’ਚ ਪਹਿਲਾ ਸਥਾਨ ਹਾਸਲ ਕਰਦਿਆਂ ਸੋਨ ਤਗ਼ਮਾ ਜਿੱਤਿਆ। ਜੇਤੂ ਖਿਡਾਰੀਆਂ ਨੂੰ 10,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਵੀ ਦਿੱਤੀ ਜਾਵੇਗੀ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਕਰਵਾਏ ਗਏ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ’ਚ ਨੌਂ ’ਵਰਸਿਟੀਆਂ ਦੀਆਂ ਟੀਮਾਂ ਨੇ ਗੱਤਕਾ ਪ੍ਰਦਰਸ਼ਨੀ ਮੁਕਾਬਲੇ ’ਚ ਭਾਗ ਲਿਆ। ਇਸ ਮੁਕਾਬਲੇ ’ਚ ਯੂਨੀਵਰਸਿਟੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਟਰਾਫ਼ੀ ਤੇ ਤਗ਼ਮੇ ਜਿੱਤੇ। ਯੂਨੀਵਰਸਿਟੀ ਪਹੁੰਚਣ ’ਤੇ ਉਪ-ਕੁਲਪਤੀ ਪ੍ਰੋ. ਡਾ. ਪਰਿਤ ਪਾਲ ਸਿੰਘ ਨੇ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ। ਡੀਨ ਅਕਾਦਮਿਕ ਮਾਮਲੇ ਪ੍ਰੋ. ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਯੂਨੀਵਰਸਿਟੀ ਵਿਖੇ ਗੱਤਕੇ ਦਾ ਇਕ ਸਾਲਾ ਡਿਪਲੋਮਾ ਕੋਰਸ ਚਲਾਇਆ ਜਾ ਰਿਹਾ ਹੈ। ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਗੱਤਕਾ ਟੀਮ ਪਿਛਲੇ ਸਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਕਰਵਾਈ ਅੰਤਰ-ਯੂਨੀਵਰਸਿਟੀ ਗੱਤਕਾ ਚੈਂਪੀਅਨਸ਼ਿਪ ’ਚ ਵੀ ਪਹਿਲਾ ਸਥਾਨ ਹਾਸਲ ਕਰ ਚੁੱਕੀ ਹੈ। ਗੱਤਕਾ ਕੋਚ ਤਲਵਿੰਦਰ ਸਿੰਘ ਨੇ ਦੱਸਿਆ ਕਿ ਖਿਡਾਰੀਆਂ ਦੀ ਨਿਰੰਤਰ ਮਿਹਨਤ, ਅਭਿਆਸ ਤੇ ਟੀਮ ਭਾਵਨਾ ਸਦਕਾ ਇਹ ਸਫ਼ਲਤਾ ਸੰਭਵ ਹੋਈ ਹੈ। ਇਸ ਮੌਕੇ ਡਾ. ਹਰਨੀਤ ਬਿਲਿੰਗ, ਡੀਨ, ਸਿੱਖਿਆ ਤੇ ਸੂਚਨਾ ਵਿਗਿਆਨ ਫੈਕਲਟੀ, ਡਾ. ਹਰਦੇਵ ਸਿੰਘ, ਡੀਨ, ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਫੈਕਲਟੀ, ਡਾ. ਜਗਜੀਤ ਸਿੰਘ, ਡਾ. ਵਰਿੰਦਰ ਸਿੰਘ ਭੁੱਲਰ, ਅਧਿਆਪਕ ਸਾਹਿਬਾਨ ਤੇ ਵਿਦਿਆਰਥੀ ਵੀ ਹਾਜ਼ਰ ਸਨ।