- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਪਬਲਿਕ ਸਕੂਲ, ਨੌਲੱਖਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰੇ ਗੁਰਬਾਣੀ ਦੇ ਪਾਵਨ ਪ੍ਰਕਾਸ਼ ਨਾਲ ਕੀਤੀ ਗਈ, ਜਿਸ ਉਪਰੰਤ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਇਕੱਠੇ ਹੋ ਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਵਿਦਿਆਰਥੀਆਂ ਵੱਲੋਂ ਰਸਭਿੰਨਾ ਸ਼ਬਦ ਗਾਇਨ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ ਅਤੇ ਕਵੀਸ਼ਰੀ ਪੇਸ਼ ਕਰਕੇ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਮਹਾਨ ਸੰਦੇਸ਼ ਨੂੰ ਉਜਾਗਰ ਕੀਤਾ। ਇਸ ਮੌਕੇ ਸਕੂਲ ਵਿਖੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਪ੍ਰਿੰਸੀਪਲ ਹਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਸੱਚਾਈ, ਨਿਮਰਤਾ, ਦਇਆ ਤੇ ਸੇਵਾ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸੇ ਤਰ੍ਹਾਂ ਐਜੂਕੇਸ਼ਨ ਟਰੱਸਟ ਦੇ ਪ੍ਰਧਾਨ ਅਮਰਿੰਦਰ ਸਿੰਘ ਲਿਬੜਾ ਅਤੇ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵੀ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪਰਿਵਾਰ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ।