ਸਿਹਤ ਮੰਤਰੀ ਨੇ ਨਵੇਂ ਆਮ ਆਦਮੀ ਕਲੀਨਿਕ ਦੇ ਕੰਮਾਂ ਦਾ ਲਿਆ ਜਾਇਜ਼ਾ
ਸਿਹਤ ਮੰਤਰੀ ਨੇ ਸਰਹਿੰਦ ਵਿਖੇ ਨਵੇਂ ਆਮ ਆਦਮੀ ਕਲੀਨਿਕ ਦੇ ਕੰਮਾਂ ਦਾ ਜਾਇਜ਼ਾ ਲਿਆ
Publish Date: Mon, 23 Mar 2026 05:29 PM (IST)
Updated Date: Mon, 23 Mar 2026 05:31 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਹਿੰਦ ਮੰਡੀ ਨੇੜੇ ਐਮਸੀ ਪਾਰਕ ਵਿਖੇ ਬਣ ਰਹੇ ਨਵੇਂ ਆਮ ਆਦਮੀ ਕਲੀਨਿਕ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਅਚਾਨਕ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ ਦਾ ਲਗਾਤਾਰ ਵਿਸਥਾਰ ਕਰ ਰਹੀ ਹੈ। ਪੰਜਾਬ ਵਿਚ ਵਰਤਮਾਨ ਵਿੱਚ ਪਿੰਡਾਂ ਵਿਚ 565 ਅਤੇ ਸ਼ਹਿਰੀ ਖੇਤਰਾਂ ਵਿੱਚ 318 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੁਵਿਧਾਵਾਂ ਮਿਲ ਰਹੀਆਂ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 100 ਹੋਰ ਨਵੇਂ ਆਮ ਆਦਮੀ ਕਲੀਨਿਕ ਬਣ ਕੇ ਤਿਆਰ ਹੋ ਚੁੱਕੇ ਹਨ, ਜਿਨ੍ਹਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ 28 ਮਾਰਚ ਨੂੰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ 107 ਕਿਸਮ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਹੁਣ ਤੱਕ ਇਨ੍ਹਾਂ ਕਲੀਨਿਕਾਂ ਤੋਂ 5 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਲਾਜ ਕਰਵਾਇਆ ਹੈ ਅਤੇ 2.72 ਕਰੋੜ ਤੋਂ ਵੱਧ ਮੁਫ਼ਤ ਟੈਸਟ ਹੋ ਚੁੱਕੇ ਹਨ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲੇਗਾ। ਇਹ ਸੁਵਿਧਾ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ, ਜਿਸ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਇਹ ਯੋਜਨਾ ਵਰਦਾਨ ਸਾਬਤ ਹੋਵੇਗੀ।