- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਮ ਸ਼੍ਰੀ ਐਵਾਰਡੀ ਸ੍ਰ ਜਤਿੰਦਰ ਸਿੰਘ ਸ਼ੰਟੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਹ ਇਸ ਦੀ ਲਿਖਤੀ ਸ਼ਿਕਾਇਤ ਸਬੂਤਾਂ ਸਮੇਤ, ਕਮਿਸ਼ਨ ਦੇ ਵਟਸਐਪ ਹੈਲਪ ਲਾਈਨ ਨੰਬਰ 9855475547 ਉਤੇ ਕਰ ਸਕਦੇ ਹਨ।

ਪੰਜਾਬੀ ਜਾਗਰਣ ਬਿਊਰੋ, ਮੰਡੀ ਗੋਬਿੰਦਗੜ੍ਹ : ਸਮਾਜ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਅਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਜਤਿੰਦਰ ਸਿੰਘ ਸ਼ੰਟੀ (ਪਦਮ ਸ਼੍ਰੀ ਐਵਾਰਡੀ) ਵੱਲੋਂ ਅੱਜ ਦੇਸ਼ ਭਗਤ ਯੂਨੀਵਰਸਿਟੀ ਅਤੇ ਰਿਮਟ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਲੋਕਾਂ ਨਾਲ ਇੱਕ ਖੁੱਲ੍ਹਾ ਸੰਵਾਦ ਰਚਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੌਕੇ 'ਤੇ ਹੀ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਖੁੱਲ੍ਹੇ ਸੰਵਾਦ ਦੌਰਾਨ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਆਖਿਆ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ ਕਮਿਸ਼ਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਹੁਣ ਬਿੱਲਾਂ ਦਾ ਭੁਗਤਾਨ ਨਾ ਹੋਣ ਦੀ ਸੂਰਤ ਵਿੱਚ ਕਿਸੇ ਵੀ ਮਰੀਜ਼ ਦੀ ਮ੍ਰਿਤਕ ਦੇਹ ਨੂੰ ਵਾਰਸਾਂ ਨੂੰ ਸੋਂਪਣ ਤੋਂ ਇਨਕਾਰ ਨਹੀ ਕਰ ਸਕੇਗਾ ਕਿਉਂਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਹਨਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਧਾਲੀਵਾਲ ਨੂੰ ਇਨ੍ਹਾਂ ਹੁਕਮਾਂ ਦੀ ਕਾਪੀ ਸੌਂਪ ਕੇ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਇਹ ਵੀ ਦੱਸਿਆ ਕਿ ਸਾਰੇ ਹਸਪਤਾਲ ਆਪਣੇ ਦਾਖਲਾ ਗੇਟਾਂ ਦੇ ਕੋਲ ਇਸ ਸੂਚਨਾ ਨੂੰ ਦਰਸਾਉਂਦੇ ਨੋਟਿਸ ਬੋਰਡ ਵੀ ਲਗਾਉਣਗੇ ਤਾਂ ਕਿ ਮਰੀਜਾਂ ਦੇ ਵਾਰਸ ਇਸ ਬਾਰੇ ਜਾਣੂ ਹੋ ਸਕਣ।
ਪਦਮ ਸ਼੍ਰੀ ਐਵਾਰਡੀ ਸ੍ਰ ਜਤਿੰਦਰ ਸਿੰਘ ਸ਼ੰਟੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਹ ਇਸ ਦੀ ਲਿਖਤੀ ਸ਼ਿਕਾਇਤ ਸਬੂਤਾਂ ਸਮੇਤ, ਕਮਿਸ਼ਨ ਦੇ ਵਟਸਐਪ ਹੈਲਪ ਲਾਈਨ ਨੰਬਰ 9855475547 ਉਤੇ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਰੋਜਾਨਾ ਔਸਤਨ 500 ਦੇ ਕਰੀਬ ਸ਼ਿਕਾਇਤਾਂ ਆ ਰਹੀਆਂ ਹਨ ਜਿਨ੍ਹਾਂ ਦਾ ਤਰਜੀਹੀ ਆਧਾਰ ਉਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮਾਜ ਦੇ ਹਰ ਵਰਗ, ਖਾਸ ਕਰਕੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਕਿਸੇ ਵੀ ਪੱਧਰ 'ਤੇ ਮਨੁੱਖੀ ਅਧਿਕਾਰਾਂ ਦਾ ਘਾਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ੍ਰ. ਸ਼ੰਟੀ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਮ ਜਨਤਾ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪੂਰੀ ਪਾਰਦਰਸ਼ਤਾ ਅਤੇ ਹਮਦਰਦੀ ਨਾਲ ਕਰਨ, ਤਾਂ ਜੋ ਕਿਸੇ ਵੀ ਨਾਗਰਿਕ ਨੂੰ ਆਪਣੇ ਹੱਕਾਂ ਲਈ ਖੱਜਲ-ਖੁਆਰ ਨਾ ਹੋਣਾ ਪਵੇ।
ਸੰਵਾਦ ਦੌਰਾਨ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਜੁੜੇ ਮਾਮਲੇ ਕਮਿਸ਼ਨ ਦੇ ਸਾਹਮਣੇ ਰੱਖੇ, ਜਿਨ੍ਹਾਂ 'ਤੇ ਤੁਰੰਤ ਕਾਰਵਾਈ ਦੇ ਆਦੇਸ਼ ਦਿੱਤੇ ਗਏ।ਇਸ ਦੌਰਾਨ ਲੋਕਾਂ ਨੂੰ ਦੱਸਿਆ ਗਿਆ ਕਿ ਜੇਕਰ ਕਿਸੇ ਵੀ ਥਾਂ 'ਤੇ ਉਨ੍ਹਾਂ ਦੇ ਬੁਨਿਆਦੀ ਹੱਕਾਂ ਨੂੰ ਦਬਾਇਆ ਜਾਂਦਾ ਹੈ, ਤਾਂ ਉਹ ਬਿਨਾਂ ਕਿਸੇ ਡਰ ਦੇ ਸਿੱਧਾ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਪਹੁੰਚ ਕਰ ਸਕਦੇ ਹਨ।
ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦੇਸ਼ ਭਗਤ ਯੂਨੀਵਰਸਿਟੀ ਅਤੇ ਰਿਮਟ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਜਾਗਰੂਕਤਾ ਪੋਸਟਰਾਂ ਰਾਹੀਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਉਂਦੇ ਹੋਏ ਲੋਕਾਂ ਨੂੰ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ ਡੀ ਐਮ ਅਮਲੋਹ ਸ੍ਰੀਮਤੀ ਹਰਵੀਰ ਕੌਰ, ਸਿਵਲ ਸਰਜਨ ਅਰਵਿੰਦ ਪਾਲ ਸਿੰਘ, ਡੀਐਸਪੀ ਅਮਲੋਹ ਬਿਕਰਮਜੀਤ ਸਿੰਘ, ਡੀਡੀਪੀਓ ਜਸਪ੍ਰੀਤ ਕੌਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਕੋਰ ਗਰੁੱਪ ਫ਼ਤਹਿਗੜ ਸਾਹਿਬ ਦੇ ਸਮੂਹ ਮੈਂਬਰ, ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।