- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਰਾਏ ਨੇ ਸਰਹਿੰਦ ਸ਼ਹਿਰ ਦੇ ਬਾਜ਼ਾਰ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਰਹਿੰਦ ਸ਼ਹਿਰ (ਪੁਰਾਣੀ ਸਰਹਿੰਦ) ਦੇ ਬਾਜ਼ਾਰ ਨੂੰ ਪੱਕਾ ਕਰਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕੇ ਦੇ ਸਮੁੱਚੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ’ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਰਾਏ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭੀੜੀਆਂ ਗਲੀਆਂ ਤੇ ਬਾਜ਼ਾਰਾਂ ਦਾ ਬਹਾਨਾ ਬਣਾ ਕੇ ਸਰਹਿੰਦ ਸ਼ਹਿਰ ਦੇ ਵਿਕਾਸ ਨੂੰ ਰੋਕੀ ਰੱਖਿਆ ਸੀ, ਪਰ ਮੌਜੂਦਾ ਸਰਕਾਰ ਵੱਲੋਂ ਇੱਥੇ ਪਹਿਲਾਂ ਸੀਵਰੇਜ ਪਾਇਆ ਗਿਆ ਅਤੇ ਹੁਣ ਬਾਜ਼ਾਰ ਤੇ ਰਸਤਿਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਆਲੇ-ਦੁਆਲੇ ਇੰਟਰਲਾਕ ਟਾਈਲਾਂ ਲਗਾਉਣ ਤੋਂ ਇਲਾਵਾ ਕੂੜੇ ਦੇ ਡੰਪ ਨੂੰ ਹਟਾ ਕੇ ਸੁੰਦਰ ਪਾਰਕ ਬਣਾਇਆ ਗਿਆ ਹੈ ਅਤੇ ਪੀਣ ਵਾਲੇ ਪਾਣੀ ਤੇ ਸਟਰੀਟ ਲਾਈਟਾਂ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਕੌਂਸਲਰ ਐਡਵੋਕੇਟ ਹਰਕਮਲ ਸਿੰਘ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਬੀਤੇ ਸਮੇਂ ਦੌਰਾਨ ਕਰੀਬ 98 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ’ਚ ਸੀਵਰੇਜ ਵਿਛਾਇਆ ਗਿਆ ਸੀ ਅਤੇ ਹੁਣ ਰਸਤੇ ਪੱਕੇ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਮੀਤ ਪ੍ਰਧਾਨ ਜਤਿੰਦਰ ਕੌਰ ਬਾਤਿਸ਼, ਕੌਂਸਲਰ ਬੰਟੀ ਸੈਣੀ, ਅਮਰਦੀਪ ਸਿੰਘ ਢਾਡੀ, ਥਾਣੇਦਾਰ ਬਲਜਿੰਦਰ ਸਿੰਘ ਅਤੇ ਰਮੇਸ਼ ਕੁਮਾਰ ਸੋਨੂੰ ਆਦਿ ਹਾਜ਼ਰ ਸਨ।