- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਨਰਸਰੀਆਂ ਤੇ ਖਾਲੀ ਪਲਾਟਾਂ ਦੀ ਚੈਕਿੰਗ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਨਰਸਰੀਆਂ ਅਤੇ ਖਾਲੀ ਪਲਾਟਾਂ ’ਚ ਡੇਂਗੂ ਰੋਕਥਾਮ ਮੁਹਿੰਮ ਚਲਾਈ ਗਈ। ਇਸ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਪ੍ਰਭਜੋਤ ਕੌਰ, ਡਾ. ਸ਼ੁਭਮ ਸੂਰੀ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਟੀਮਾਂ ਨੇ ਵੱਖ-ਵੱਖ ਇਲਾਕਿਆਂ ’ਚ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਮੌਕੇ ’ਤੇ ਮਿਲੇ ਲਾਰਵੇ ਨੂੰ ਨਸ਼ਟ ਕਰਵਾਇਆ। ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਬਾਰੇ ਜਾਗਰੂਕ ਵੀ ਕੀਤਾ ਗਿਆ। ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਾਫ਼-ਸਫ਼ਾਈ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਕੂਲਰਾਂ, ਗ਼ਮਲਿਆਂ, ਟੁੱਟੇ-ਭੱਜੇ ਭਾਂਡਿਆਂ, ਫ਼ਰਿੱਜਾਂ ਦੀਆਂ ਟਰੇਆਂ ਅਤੇ ਟਾਇਰਾਂ ’ਚ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ 7 ਤੋਂ 10 ਦਿਨਾਂ ’ਚ ਪੈਦਾ ਹੁੰਦਾ ਹੈ, ਇਸ ਲਈ ਹਰ ਸ਼ੁੱਕਰਵਾਰ ਡਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਪੂਰੀ ਬਾਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਦੀ ਵਰਤੋਂ ਕਰਨ ਅਤੇ ਸਰਕਾਰੀ ਹਸਪਤਾਲਾਂ ’ਚ ਉਪਲੱਬਧ ਮੁਫ਼ਤ ਟੈਸਟ ਤੇ ਇਲਾਜ ਸਹੂਲਤਾਂ ਦਾ ਲਾਭ ਲੈਣ ਲਈ ਪ੍ਰੇਰਿਆ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਸਿਹਤ ਸੁਪਰਵਾਈਜ਼ਰ ਰਸ਼ਵਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਗੱਜਣ ਸਿੰਘ, ਹਰੀ ਸਿੰਘ, ਸੁਰਮੁਖ ਸਿੰਘ, ਇਨਸੈਕਟ ਕੁਲੈਕਟਰ ਮਨਦੀਪ ਕੌਰ, ਨਗਰ ਕੌਂਸਲ ਤੋਂ ਮਨੀਸ਼ ਕੁਮਾਰ ਅਤੇ ਬਰੀਡਿੰਗ ਚੈੱਕਰ ਹਰਦੀਪ ਸਿੰਘ ਮੌਜੂਦ ਸਨ।