ਯੁਵਕ ਭਲਾਈ ਵਿਭਾਗ ਵੱਲੋਂ ਮਾਤਾ ਗੁਜਰੀ ਕਾਲਜ ’ਚ ਕੈਂਪ ਦਾ ਨਿਰੀਖਣ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਮਾਤਾ ਗੁਜਰੀ ਕਾਲਜ ਵਿਖੇ ਆਯੋਜਿਤ ਕੈਂਪ ਦਾ ਨਿਰੀਖਣ
Publish Date: Sat, 03 Jan 2026 05:50 PM (IST)
Updated Date: Sat, 03 Jan 2026 05:53 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵਿਦਿਆਰਥੀਆਂ ਨੂੰ ਰੰਗਮੰਚ ਕਲਾਵਾਂ ਸਬੰਧੀ ਸਿਖਲਾਈ ਪ੍ਰਦਾਨ ਕਰਨ ਲਈ ਚੱਲ ਰਹੇ ਵਿਸ਼ੇਸ਼ ਟ੍ਰੇਨਿੰਗ ਕੈਂਪ ਦੀਆਂ ਰਿਹਰਸਲਾਂ ਦਾ ਨਿਰੀਖਣ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੀ ਟੀਮ ਵੱਲੋਂ ਕੀਤਾ ਗਿਆ। ਵਰਣਨਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਇਸ ਕੈਂਪ ਵਿਚ ਯੂਨੀਵਰਸਿਟੀ ਨਾਲ ਸਬੰਧਿਤ ਵੱਖ-ਵੱਖ ਕਾਲਜਾਂ ਦੇ ਰੰਗਮੰਚ ਲਈ ਚੁਣੇ ਹੋਏ ਵਿਦਿਆਰਥੀ ਹਿੱਸਾ ਲੈ ਰਹੇ ਹਨ ਜੋ 6 ਜਨਵਰੀ ਤੋਂ 10 ਜਨਵਰੀ 2026 ਤਕ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿਖੇ ਕਰਵਾਏ ਨਾਰਥ ਜ਼ੋਨ ਇੰਟਰ ਯੂਨੀਵਰਸਿਟੀ ਯੁਵਕ ਮੇਲੇ ਵਿਚ ਹਿੱਸਾ ਲੈਣਗੇ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਨੁਮਾਇੰਦਗੀ ਕਰਨਗੇ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ ਨੇ ਵਿਦਿਆਰਥੀਆਂ ਦੀ ਤਿਆਰੀ ਦੇ ਹਰੇਕ ਪੱਖ ਦਾ ਵਿਸ਼ਲੇਸ਼ਣ ਕਰਦਿਆਂ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮਗਰੋਂ ਰੰਗਮੰਚ ਦੀਆਂ ਨਾਮਵਰ ਸ਼ਖ਼ਸੀਅਤਾਂ ਡਾ. ਹਰਿੰਦਰ ਹੁੰਦਲ ਅਤੇ ਦਲਜੀਤ ਸਿੰਘ ਡਾਲੀ ਨੇ ਵੀ ਵਿਦਿਆਰਥੀਆਂ ਦੀ ਪ੍ਰਸਤੁਤੀ, ਅਭਿਆਸ ਅਤੇ ਕਲਾਤਮਿਕ ਹੁਨਰ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਹੋਰ ਵਧੀਆ ਕਾਰਗੁਜ਼ਾਰੀ ਲਈ ਲੁੜੀਂਦੇ ਸੁਝਾਅ ਦਿੱਤੇ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਸੱਭਿਆਚਾਰਕ ਸਰਗਰਮੀਆਂ ਵਿਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਨੂੰ ਆਪਣੀ ਛੁਪੀ ਪ੍ਰਤਿਭਾ ਬਾਰੇ ਪਤਾ ਚੱਲਦਾ ਹੈ ਅਤੇ ਉਨ੍ਹਾਂ ਵਿਚ ਲੀਡਰਸ਼ਿਪ ਦੇ ਗੁਣ, ਆਪਸੀ ਸਹਿਯੋਗ ਅਤੇ ਟੀਮ ਪ੍ਰਬੰਧਨ ਦੀ ਭਾਵਨਾ ਪੈਦਾ ਹੁੰਦੀ ਹੈ। ਕਾਲਜ ਦੇ ਰੰਗਮੰਚ ਕਲਾਵਾਂ ਦੇ ਕਨਵੀਨਰ ਡਾ. ਗਗਨਦੀਪ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੀ ਟੀਮ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਰੰਗਮੰਚ ਕਲਾਵਾਂ ਦੇ ਕੋਚ ਅਵਿੰਦਰ ਸਿੰਘ ਰਾਜੂ, ਸੰਨਦੀਪ ਸਿੰਘ, ਸੁਖਜਿੰਦਰ ਸਿੰਘ, ਪ੍ਰੋ. ਗੁਰਲੀਨ ਕੌਰ ਅਤੇ ਡਾ. ਹਰਸਿਮਰਨ ਸਿੰਘ ਆਦਿ ਮੌਜੂਦ ਸਨ।