
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ਅੰਤਰ-ਹਾਊਸ ਫੁੱਟਬਾਲ ਟੂਰਨਾਮੈਂਟ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਤੇ ਖੇਡ ਤਕਨਾਲੋਜੀ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ-2026 ਮੌਕੇ ਬਾਬਾ ਫਤਿਹ ਸਿੰਘ ਸਟੇਡੀਅਮ ਵਿਖੇ ਅੰਤਰ-ਹਾਊਸ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦਾ ਉਦਘਾਟਨ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਤੇ ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਡਾ. ਹਰਨੀਤ ਬਿਲਿੰਗ, ਡੀਨ, ਫੈਕਲਟੀ ਆਫ਼ ਐਜੂਕੇਸ਼ਨ ਐਂਡ ਇਨਫਰਮੇਸ਼ਨ ਸਾਇੰਸ, ਅਤੇ ਡਾ. ਹਰਦੇਵ ਸਿੰਘ, ਮੁਖੀ, ਰਿਲੀਜੀਅਸ ਸਟੱਡੀਜ਼ ਵਿਭਾਗ ਵੀ ਮੌਜੂਦ ਰਹੇ। ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਲਈ ਬਿਹਤਰ ਮੌਕੇ ਤੇ ਸਹੂਲਤਾਂ ਪ੍ਰਦਾਨ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਟੂਰਨਾਮੈਂਟ ਵਿਚ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਹਾਊਸਾਂ ਤੋਂ ਇਲਾਵਾ ਪੰਜਾਬੀ, ਕਾਨੂੰਨ ਤੇ ਕੰਪਿਊਟਰ ਸਾਇੰਸ ਵਿਭਾਗਾਂ ਦੀਆਂ ਟੀਮਾਂ ਨੇ ਭਾਗ ਲਿਆ। ਫਾਈਨਲ ਵਿਚ ਬਾਬਾ ਫਤਿਹ ਸਿੰਘ ਹਾਊਸ ਨੇ ਪਹਿਲਾ ਅਤੇ ਬਾਬਾ ਜ਼ੋਰਾਵਰ ਸਿੰਘ ਹਾਊਸ ਨੇ ਦੂਜਾ ਸਥਾਨ ਹਾਸਲ ਕੀਤਾ। ਜੇਤੂਆਂ ਨੂੰ ਡਾ. ਨਵਦੀਪ ਕੌਰ, ਡੀਨ ਰਿਸਰਚ, ਅਤੇ ਡਾ. ਭੁਪਿੰਦਰ ਸਿੰਘ ਘੁੰਮਣ, ਪ੍ਰੋਫੈਸਰ ਆਫ਼ ਐਮੀਨੈਂਸ, ਵੱਲੋਂ ਟਰਾਫੀਆਂ ਅਤੇ ਇਨਾਮ ਪ੍ਰਦਾਨ ਕੀਤੇ ਗਏ। ਡਾ. ਵਰਿੰਦਰ ਸਿੰਘ ਭੁੱਲਰ, ਮੁਖੀ, ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਨੇ ਮੇਜਰ ਧਿਆਨ ਚੰਦ ਜੀ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ।