ਸਟਾਫ ਰਿਪੋਰਟਰ, ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਨਸ਼ਾ ਛੁਡਾਊ ਕੇਂਦਰ ਅਧੀਨ ਆਉਂਦੇ ਮੁੜ ਵਸੇਬਾ ਕੇਂਦਰ, ਸਰਹਿੰਦ ਵਿਖੇ ਸਿਵਲ ਸਰਜਨ ਡਾ.ਹਰਵਿੰਦਰ ਸਿੰਘ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਜਗਦੀਸ਼ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਜ਼ਾਦੀ ਦੇ ਅੰਮਿ੍ਤ ਮਹਾ-ਉਤਸਵ ਨੂੰ ਸਮਰਪਿਤ 'ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ' ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਦੀਪ ਸਿੰਘ ਦੀ ਰਹਿਨੁਮਾਈ ਹੇਠ ਸੈਮੀਨਾਰ ਕਰਵਾਇਆ ਗਿਆ।

ਕੇਂਦਰ 'ਚ ਦਾਖਲ ਮਰੀਜ਼ਾਂ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਇਸ ਸੈਮੀਨਾਰ ਵਿਚ ਹਿੱਸਾ ਲਿਆ। ਵਿਦਿਆਰਥੀਆਂ ਦੇ ਨਸ਼ਾ ਵਿਰੋਧੀ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਉਨਾਂ੍ਹ ਵੱਲੋਂ ਇਕ ਸਕਿੱਟ ਵੀ ਪੇਸ਼ ਕੀਤੀ ਗਈ, ਪਹਿਲੇ ਦੂਸਰੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਿਵਲ ਸਰਜਨ ਵੱਲੋਂ ਸੈਮੀਨਾਰ ਦੌਰਾਨ ਮਰੀਜ਼ਾਂ ਵਿਚ ਨਸ਼ਿਆਂ ਦੇ ਵਧ ਰਹੇ ਰੁਝਾਨ ਅਤੇ ਕਾਰਨਾਂ ਬਾਰੇ ਭਰਪੂਰ ਚਰਚਾ ਕੀਤੀ ਗਈ। ਉਨਾਂ੍ਹ ਦੱਸਿਆ ਕਿ ਕਿਸ ਤਰਾਂ੍ਹ ਨੌਜਵਾਨ ਪੀੜ੍ਹੀ ਨਸ਼ਿਆਂ ਵਿੱਚ ਗਲਤਾਨ ਹੋ ਰਹੀ ਹੈ ਜੋ ਕਿ ਆਉਣ ਵਾਲੇ ਸਮੇਂ ਲਈ ਇੱਕ ਬਹੁਤ ਵੱਡਾ ਚਿੰਤਾ ਦਾ ਵਿਸ਼ਾ ਹੈ ,ਇਸ ਲਈ ਸਾਨੂੰ ਇਸ ਵੱਲ ਵਿਸ਼ੇਸ਼ ਤਵੱਜੋ ਦੇਣ ਦੀ ਲੋੜ ਹੈ। ਡਿਪਟੀ ਮੈਡੀਕਲ ਕਮਿਸ਼ਨਰ ਡਾ.ਜਗਦੀਸ਼ ਸਿੰਘ ਨੇ ਦੱਸਿਆ ਕਿ ਕਿਸ ਤਰਾਂ੍ਹ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਇਨਸਾਨ ਸਮਾਜਿਕ ,ਆਰਥਿਕ ,ਮਾਨਸਿਕ ਅਤੇ ਸਰੀਰਕ ਪੱਖ ਤੋਂ ਕਮਜ਼ੋਰ ਹੋ ਜਾਂਦੇ ਹਨ। ਸੀਨੀਅਰ ਮੈਡੀਕਲ ਅਫਸਰ ਡਾ.ਕੁਲਦੀਪ ਸਿੰਘ ਨੇ ਸੈਮੀਨਾਰ ਦੌਰਾਨ ਮਰੀਜ਼ਾਂ ਨੂੰ ਨਸ਼ਿਆਂ ਤੋਂ ਬਚਣ ਦੇ ਉਪਾਅ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਕਿ ਨਸ਼ੇ ਤੋਂ ਰਹਿਤ ਹੋ ਕੇ ਕਿਸ ਤਰਾਂ੍ਹ ਇੱਕ ਵਧੀਆ ਜ਼ਿੰਦਗੀ ਗੁਜ਼ਾਰੀ ਜਾ ਸਕਦੀ ਹੈ। ਮਾਨਸਿਕ ਰੋਗਾਂ ਦੇ ਮਾਹਰ ਡਾਕਟਰ ਸਨਪ੍ਰਰੀਤ ਕੌਰ ਨੇ ਕਿਹਾ ਕਿ ਨਸ਼ੇ ਕਰਨ ਦੀ ਭੈੜੀ ਅਲਾਮਤ ਨੂੰ ਓਟ ਟਰੀਟਮੈਂਟ ਨਾਲ ਛੱਡਿਆ ਜਾ ਸਕਦਾ ਹੈ ਉਨਾਂ੍ਹ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਾ ਕਰਨ ਵਾਲਾ ਆਪਣੀ ਅਤੇ ਆਪਣੇ ਪਰਿਵਾਰ ਦੀ ਜ਼ਿੰਦਗੀ ਖ਼ਰਾਬ ਕਰਨ ਲਈ ਜ਼ਿੰਮੇਵਾਰ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਅਮਰਜੀਤ ਸਿੰਘ ਸੋਹੀ ,ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜ਼ਿਲ੍ਹਾ ਬੀਸੀਸੀ ਫੈਸਿਲੀਟੇਟਰ ਅਮਰਜੀਤ ਸਿੰਘ,ਕੌਂਸਲਰ ਬਿਕਰਮਜੀਤ ਸਿੰਘ, ਮੋਨਿਕਾ, ਸਿਮਰਨ ਕੌਰ , ਕਰਨਵੀਰ ਸਿੰਘ, ਨਵਨੀਤ ਕੌਰ ਆਦਿ ਮੌਜੂਦ ਸਨ।