- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਨੇ14 ਸਾਲਾਂ ’ਚ ਪੰਜਾਬ ਅਤੇ ਸਿੱਖਾਂ ਦੇ ਕਿਹੜੇ ਮਸਲੇ ਹੱਲ ਕੀਤੇ : ਟਿਵਾਣਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਤੇ ਹਰਿਆਣਾ ਦੇ ਆਗੂਆਂ ’ਤੇ ਵਰ੍ਹਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਬੀਤੇ 5 ਸਾਲਾਂ ਤੋਂ ਚੁਟਕਲੇ ਸੁਣਾ ਰਹੇ ਹਨ ਤਾਂ ਕੇਂਦਰ ’ਚ 14 ਸਾਲਾਂ ਤੋਂ ਕਾਬਜ਼ ਭਾਜਪਾ ਨੇ ਪੰਜਾਬੀਆਂ ਤੇ ਸਿੱਖ ਕੌਮ ਦੇ ਕਿਹੜੇ ਮਸਲੇ ਹੱਲ ਕੀਤੇ ਹਨ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਾਂ ਬਟੋਰਨ ਲਈ ਪੰਜਾਬੀਆਂ ਨੂੰ ਗੁਮਰਾਹ ਕਰ ਰਹੇ ਹਨ। ਟਿਵਾਣਾ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਭਰਨ, ਸਰਹੱਦਾਂ ਦੀ ਰਾਖੀ ਕਰਨ ਤੇ ਕੁਦਰਤੀ ਆਫ਼ਤਾਂ ਵੇਲੇ ਸਰਬੱਤ ਦੇ ਭਲੇ ਦੀ ਸੋਚ ਨਾਲ ਮੋਹਰੀ ਰਹਿਣ ਵਾਲੇ ਪੰਜਾਬੀਆਂ ਨਾਲ ਕੇਂਦਰ ਦੇ ਹੁਕਮਰਾਨ ਹਮੇਸ਼ਾ ਵਿਤਕਰਾ ਕਰਦੇ ਆਏ ਹਨ। ਪੰਜਾਬ ਦੇ ਦਰਿਆਈ ਪਾਣੀ, ਬਿਜਲੀ ਅਤੇ ਰਾਜਧਾਨੀ ਚੰਡੀਗੜ੍ਹ ਖੋਹ ਕੇ ਸੂਬੇ ਦੇ ਹੱਕਾਂ ਦਾ ਘਾਣ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਸੂਬੇ ’ਚ ਬੇਰੁਜ਼ਗਾਰੀ, ਨਸ਼ਿਆਂ ਦੇ ਫੈਲਾਅ, ਕਿਸਾਨਾਂ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਲਈ ਕੇਂਦਰ ਅਤੇ ਪੰਜਾਬ ’ਤੇ ਰਾਜ ਕਰ ਚੁੱਕੀਆਂ ਰਵਾਇਤੀ ਪਾਰਟੀਆਂ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਅੰਦੋਲਨ ਦੌਰਾਨ 750 ਦੇ ਕਰੀਬ ਕਿਸਾਨਾਂ ਦੀਆਂ ਜਾਨਾਂ ਜਾਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਅ ਨਾ ਕਰਨ ਲਈ ਵੀ ਕੇਂਦਰ ਦੀਆਂ ਨੀਤੀਆਂ ਹੀ ਜ਼ਿੰਮੇਵਾਰ ਹਨ।