
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਥੇਦਾਰ ਗੜਗੱਜ ਨੇ ਨਸ਼ਿਆਂ ਖ਼ਿਲਾਫ਼ ਲੜਨ ਦਾ ਦਿੱਤਾ ਸੱਦਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਰਵਾਨਾ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਮੰਡੀ ਗੋਬਿੰਦਗੜ੍ਹ ਪਹੁੰਚਿਆ। ਸ਼ਹਿਰ ਦੇ ਬੱਤੀ ਚੌਕ ਵਿਖੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪਾਰਟੀ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਸੰਗਤਾਂ ਵੱਲੋਂ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮਾਜਿਕ ਬੁਰਾਈਆਂ ਦਾ ਤਿਆਗ ਕਰ ਕੇ ਸਿੱਖੀ ਸਰੂਪ ਧਾਰਨ ਕਰਨ, ਕੇਸਾਧਾਰੀ ਬਣਨ ਅਤੇ ਨੌਜਵਾਨ ਪੀੜ੍ਹੀ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਦੀ ਅਪੀਲ ਕੀਤੀ। ਉਨ੍ਹਾਂ ਮੰਡੀ ਗੋਬਿੰਦਗੜ੍ਹ ’ਚ ਪਿਛਲੇ ਦਿਨੀਂ 5 ਨੌਜਵਾਨਾਂ ਦੀ ਨਸ਼ੇ ਕਾਰਨ ਹੋਈ ਮੌਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਇਲਾਕੇ ’ਚ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇ ਕੇ ਨੌਜਵਾਨ ਪੀੜ੍ਹੀ ਨੂੰ ਬਚਾਉਣ ’ਚ ਸਹਿਯੋਗ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰ ਪਰਿਵਾਰ ਨੂੰ ਗੁਰੂ ਲੜ ਲੱਗ ਕੇ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਭਾਈ ਰਵਿੰਦਰ ਸਿੰਘ ਖ਼ਾਲਸਾ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਭਾਈ ਰਵਿੰਦਰ ਸਿੰਘ ਖ਼ਾਲਸਾ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਨੇਜਰ ਰਾਜਵਿੰਦਰ ਸਿੰਘ ਰਾਜੂ, ਹੈੱਡ ਗ੍ਰੰਥੀ ਕੁਲਵਿੰਦਰ ਸਿੰਘ, ਮੈਨੇਜਰ ਇਕਬਾਲ ਸਿੰਘ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਅਮਿਤ ਸਿੰਘ ਰਾਠੀ, ਕੈਪਟਨ ਜਸਵੰਤ ਸਿੰਘ ਬਾਜਵਾ, ਕਰਮਜੀਤ ਸਿੰਘ ਭਗੜਾਣਾ, ਕੰਵਲਜੀਤ ਸਿੰਘ ਗਿੱਲ, ਗੁਰਮੀਤ ਸਿੰਘ ਰਾਮਗੜ੍ਹ, ਰਾਕੇਸ਼ ਕੁਮਾਰ ਸ਼ਾਹੀ, ਗੁਰਪ੍ਰੀਤ ਸਿੰਘ ਚਹਿਲਾਂ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਅਮਨਦੀਪ ਸਿੰਘ ਭੱਦਲਥੂਹਾ, ਗੁਰਕੀਰਤ ਸਿੰਘ ਪਨਾਗ, ਪਰਮਿੰਦਰ ਸਿੰਘ ਨੀਟਾ ਸੰਧੂ, ਜਸ਼ਨਪ੍ਰੀਤ ਸਿੰਘ ਸ਼ਾਹਪੁਰ ਤੇ ਹੋਰ ਵੱਡੀ ਗਿਣਤੀ ਆਗੂ ਮੌਜੂਦ ਸਨ।