ਜਥੇਦਾਰ ਪੰਜੋਲੀ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਤੋਂ ਵੱਖ ਹੋਣ ਦਾ ਐਲਾਨ
ਇਸ ਸਭ ਦੇ ਬਾਵਜੂਦ ਉਨ੍ਹਾਂ ਨੇ ਪੰਥਕ ਅਤੇ ਪਾਰਟੀ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਆਪਣੀ ਆਤਮਾ ’ਤੇ ਬਹੁਤ ਤਕਲੀਫ਼ ਸਹੀ ਹੈ ਪਰ 22 ਫਰਵਰੀ ਨੂੰ ਵਾਪਰੀ ਇਕ ਘਟਨਾ ਨੇ ਉਨ੍ਹਾਂ ਨੂੰ ਪਾਰਟੀ ਨੂੰ ਅਲਵਿਦਾ ਕਹਿਣ ਲਈ ਮਜਬੂਰ ਕਰ ਦਿੱਤਾ।
Publish Date: Tue, 24 Feb 2026 10:44 AM (IST)
Updated Date: Tue, 24 Feb 2026 11:18 AM (IST)
ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਤੋਂ ਵੱਖ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਲਈ ਮੈਂਬਰਾਂ ਦੀ ਭਰਤੀ ਕੀਤੀ ਸੀ ਤੇ ਸਟੇਟ ਡੈਲੀਗੇਟ ਵਜੋਂ ਨਿਯੁਕਤ ਹੋਏ ਸਨ। ਇਸ ਦੀ ਭੂਮਿਕਾ ਪਾਰਟੀ ਪ੍ਰਧਾਨ ਦੀ ਚੋਣ ਤੱਕ ਹੀ ਹੁੰਦੀ ਹੈ, ਜਿਸ ਨੂੰ ਉਨ੍ਹਾਂ ਨੇ ਇਮਾਨਦਾਰੀ ਨਾਲ ਨਿਭਾਇਆ। ਇਸ ਤੋਂ ਬਾਅਦ ਪਾਰਟੀ ਵੱਲੋਂ ਉਨ੍ਹਾਂ ਨੂੰ ਕਿਸੇ ਵੀ ਪਲੇਟਫਾਰਮ ’ਤੇ ਕੰਮ ਕਰਨ ਲਈ ਕੋਈ ਡਿਊਟੀ ਨਹੀਂ ਸੌਂਪੀ ਗਈ।
ਜਥੇਦਾਰ ਪੰਜੋਲੀ ਨੇ ਕਿਹਾ ਕਿ ਪਾਰਟੀ ’ਚ ਕੁਝ ਅਜਿਹੇ ਲੋਕ ਸ਼ਾਮਲ ਹਨ, ਜਿਨ੍ਹਾਂ ਨੇ ਉਨ੍ਹਾਂ ਦਾ ਵੱਡਾ ਨੁਕਸਾਨ ਕੀਤਾ ਹੈ ਤੇ ਲਗਾਤਾਰ ਕਰ ਰਹੇ ਹਨ। ਇਨ੍ਹਾਂ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪਿਆ। ਇਸ ਸਭ ਦੇ ਬਾਵਜੂਦ ਉਨ੍ਹਾਂ ਨੇ ਪੰਥਕ ਅਤੇ ਪਾਰਟੀ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਆਪਣੀ ਆਤਮਾ ’ਤੇ ਬਹੁਤ ਤਕਲੀਫ਼ ਸਹੀ ਹੈ ਪਰ 22 ਫਰਵਰੀ ਨੂੰ ਵਾਪਰੀ ਇਕ ਘਟਨਾ ਨੇ ਉਨ੍ਹਾਂ ਨੂੰ ਪਾਰਟੀ ਨੂੰ ਅਲਵਿਦਾ ਕਹਿਣ ਲਈ ਮਜਬੂਰ ਕਰ ਦਿੱਤਾ।
ਪੰਜੋਲੀ ਨੇ ਸਪੱਸ਼ਟ ਕੀਤਾ ਕਿ ਪਾਰਟੀ ’ਚ ਉਨ੍ਹਾਂ ਕੋਲ ਕੋਈ ਅਹੁਦਾ ਨਹੀਂ ਸੀ, ਜਿਸ ਤੋਂ ਅਸਤੀਫ਼ਾ ਦੇਣਾ ਹੋਵੇ। ਇਸ ਲਈ ਅੱਜ ਤੋਂ ਬਾਅਦ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਹਿੱਸਾ ਨਾ ਸਮਝਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਪਾਰਟੀ ਚੜ੍ਹਦੀ ਕਲਾ ’ਚ ਰਹੇ।