- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਸਿਮਰਤ ਕੌਰ ਬਾਦਲ ਦੇ ਸਮਾਗਮ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੀਆਂ ਬੀਬੀਆਂ : ਕਿਰਨਦੀਪ ਕੌਰ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਕਿਰਨਦੀਪ ਕੌਰ ਖੰਨਾ ਵੱਲੋਂ 3 ਦਸੰਬਰ ਨੂੰ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਮਲੋਹ ਹਲਕੇ ’ਚ ਆਮਦ ਮੌਕੇ ਹੋਣ ਵਾਲੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਮੁੱਢੜੀਆ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਰਨਦੀਪ ਕੌਰ ਖੰਨਾ ਨੇ ਹਲਕੇ ਦੀਆਂ ਮਾਵਾਂ, ਭੈਣਾਂ ਅਤੇ ਬੀਬੀਆਂ ਨੂੰ ਇਸ ਸਮਾਗਮ ’ਚ ਵੱਡੀ ਗਿਣਤੀ ’ਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਕਿਰਨਦੀਪ ਕੌਰ ਖੰਨਾ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਾ ਵਧ ਰਿਹਾ ਪ੍ਰਕੋਪ ਬੇਹੱਦ ਚਿੰਤਾ ਦਾ ਵਿਸ਼ਾ ਹੈ, ਜਿਸ ਕਾਰਨ ਅਨੇਕਾਂ ਘਰ ਉੱਜੜ ਰਹੇ ਹਨ ਅਤੇ ਨੌਜਵਾਨੀ ਤਬਾਹੀ ਦੇ ਕੰਢੇ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਨਸ਼ਾ ਖ਼ਤਮ ਕਰਨ ਦੇ ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ’ਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲਾ ਕਰਦਿਆਂ ਵੱਖ-ਵੱਖ ਹਲਕਿਆਂ ’ਚ ਬੀਬੀਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ‘ਆਪ’ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਸੱਦਾ ਵੀ ਦਿੱਤਾ। ਇਸ ਮੀਟਿੰਗ ਨੂੰ ਪੀਏਸੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਡਾ. ਅਰਜੁਨ ਸਿੰਘ, ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ ਅਤੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਭੱਦਲਥੂਹਾ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਪਿੰਡ ਦੀਆਂ ਬੀਬੀਆਂ ਵੱਲੋਂ ਕਿਰਨਦੀਪ ਕੌਰ ਖੰਨਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੀਪ ਸਿੰਘ ਨੰਬਰਦਾਰ, ਭਜਨ ਸਿੰਘ, ਜਸਪ੍ਰੀਤ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ ਨੰਬਰਦਾਰ, ਪਰਮਜੀਤ ਕੌਰ, ਸਵਰਨਜੀਤ ਕੌਰ, ਬਿੱਲੂ ਰਾਮ, ਇਸਰਦਾਸ, ਪੱਪੂ ਰਾਮ, ਦਲਜੀਤ ਕੌਰ, ਬਲਵੀਰ ਕੌਰ ਅਤੇ ਹਰਜੀਤ ਕੌਰ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਸਨ।