ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਸਰਹਿੰਦ-ਪਟਿਆਲਾ ਰੋਡ ਜਾਮ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਸਰਹਿੰਦ-ਪਟਿਆਲਾ ਰੋਡ ਜਾਮ
Publish Date: Fri, 21 Aug 2026 06:51 PM (IST)
Updated Date: Fri, 21 Aug 2026 06:54 PM (IST)
ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਤਹਿਤ ਸਰਹਿੰਦ-ਪਟਿਆਲਾ ਮੁੱਖ ਮਾਰਗ ’ਤੇ ਪਿੰਡ ਰੁੜਕੀ ਵਿਖੇ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੁਕੰਮਲ ਜਾਮ ਲਗਾ ਕੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ’ਚ ਇਕੱਤਰ ਹੋਏ ਕਿਸਾਨਾਂ ਤੇ ਇਲਾਕਾ ਨਿਵਾਸੀਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਖਜ਼ਾਨਚੀ ਅਤੇ ਕੌਮੀ ਇਨਸਾਫ ਮੋਰਚੇ ਦੇ ਮੈਂਬਰ ਰਣਜੀਤ ਸਿੰਘ ਚਨਾਰਥਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਮਨੁੱਖੀ ਅਧਿਕਾਰਾਂ ਅਤੇ ਇਨਸਾਫ ਦਾ ਗੰਭੀਰ ਮਸਲਾ ਹੈ। ਉਨ੍ਹਾਂ ਖਾਸ ਤੌਰ ਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਾਤਾ ਜੀ ਬਿਸਤਰੇ ਤੇ ਹਨ ਅਤੇ ਆਪਣੇ ਪੁੱਤਰ ਦੀ ਉਡੀਕ ਕਰ ਰਹੇ ਹਨ ਕਿ ਕਦੋਂ ਉਹ ਜੇਲ੍ਹ ’ਚੋਂ ਬਾਹਰ ਆ ਕੇ ਆਪਣੀ ਮਾਂ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਇਕ ਮਾਂ ਲਈ ਆਪਣੇ ਪੁੱਤਰ ਨੂੰ ਮਿਲਣ ਦੀ ਇਹ ਉਡੀਕ ਬਹੁਤ ਹੀ ਦਰਦਨਾਕ ਅਤੇ ਮਨੁੱਖੀ ਪੱਖੋਂ ਗੰਭੀਰ ਮਾਮਲਾ ਹੈ। ਚਨਾਰਥਲ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਬਣਦੇ ਕਾਨੂੰਨੀ ਤੇ ਮਨੁੱਖੀ ਅਧਿਕਾਰਾਂ ਅਨੁਸਾਰ ਤੁਰੰਤ ਫੈਸਲਾ ਕੀਤਾ ਜਾਵੇ। ਪ੍ਰੋਗਰਾਮ ਵਿਚ ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ,ਸੂਬਾ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਚਨਾਰਥਲ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਨੌਲੱਖਾ,ਮੀਤ ਪ੍ਰਧਾਨ ਨਿਰਮਲ ਸਿੰਘ ਰੁੜਕੀ, ਜ਼ਿਲ੍ਹਾ ਖਜ਼ਾਨਚੀ ਬਲਦੀਪ ਸਿੰਘ ਬਧੌਛੀ,ਜੰਥੇਬੰਦਕ ਲਖਵੀਰ ਸਿੰਘ ਗੋਲੂ ਪੰਜੌਲੀ, ਬਲਾਕ ਪ੍ਰਧਾਨ ਜਸਪਾਲ ਸਿੰਘ ਲਟੋਰ,ਰਾਜੂ ਜਾਲਖੇੜੀ, ਜਸਵੀਰ ਸਿੰਘ ਰਘੇੜੀ, ਨਿਰਮਲ ਸਿੰਘ ਨਲੀਨੀ, ਕੁਲਵੰਤ ਸਿੰਘ ਪਤਾਰਸੀ, ਜਸਵੀਰ ਸਿੰਘ, ਨਿਰਮਲ ਸਿੰਘ ਭੱਲਮਾਜਰਾ, ਮਾਸਟਰ ਰਾਜ ਸਿੰਘ ਬਧੌਛੀ ਕਲਾਂ ਸ਼ਾਮਲ ਹੋਏ।