ਫਤਹਿਗੜ੍ਹ ਸਾਹਿਬ ਤੋਂ ਬਰਨਾਲਾ ਰੈਲੀ ’ਚ ਵੱਡੀ ਸ਼ਿਰਕਤ
ਨਾਗਰਾ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਤੋਂ ਬਰਨਾਲਾ ਰੈਲੀ ਵਿਚ ਵੱਡੀ ਸ਼ਿਰਕਤ
Publish Date: Sat, 28 Feb 2026 06:19 PM (IST)
Updated Date: Sat, 28 Feb 2026 06:22 PM (IST)

- ਕਾਂਗਰਸ ਪਾਰਟੀ ਮਜ਼ਦੂਰਾਂ ਤੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ : ਨਾਗਰਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਕੁਲਜੀਤ ਸਿੰਘ ਨਾਗਰਾ ਸਾਬਕਾ ਵਿਧਾਇਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਭਾਜਪਾ ਦੀਆਂ ਲੋਕ-ਵਿਰੋਧੀ ਅਤੇ ਮਜ਼ਦੂਰ-ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਚਲਾਈ ਜਾ ਰਹੀ ‘ਮਜ਼ਦੂਰ ਬਚਾਓ, ਕਿਸਾਨ ਬਚਾਓ’ ਮੁਹਿੰਮ ਤਹਿਤ ਰਾਹੁਲ ਗਾਂਧੀ ਦੀ ਅਗਵਾਈ ਹੇਠ ਬਰਨਾਲਾ ਵਿਖੇ ਹੋਈ ਵਿਸ਼ਾਲ ਰੈਲੀ ਵਿਚ ਹਲਕਾ ਫਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ, ਕਿਸਾਨਾਂ ਅਤੇ ਮਨਰੇਗਾ ਮਜ਼ਦੂਰਾਂ ਨੇ ਭਰਪੂਰ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਹ ਵੱਡੀ ਭਾਗੀਦਾਰੀ ਸਪੱਸ਼ਟ ਕਰਦੀ ਹੈ ਕਿ ਲੋਕ ਭਾਰਤੀ ਜਨਤਾ ਪਾਰਟੀ ਦੀਆਂ ਜਨਤਾ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਆਪਣੇ ਹੱਕਾਂ ਦੀ ਰੱਖਿਆ ਲਈ ਕਾਂਗਰਸ ਪਾਰਟੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਨੂੰ ਕਮਜ਼ੋਰ ਕਰਨ ਅਤੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਨੁਕਸਾਨ ਪਹੁੰਚਾਉਣ ਵਾਲੀਆਂ ਨੀਤੀਆਂ ਖ਼ਿਲਾਫ਼ ਕਾਂਗਰਸ ਪਾਰਟੀ ਲਗਾਤਾਰ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਭਰ ਵਿਚ ਮਜ਼ਦੂਰਾਂ ਅਤੇ ਕਿਸਾਨਾਂ ਦੀ ਆਵਾਜ਼ ਨੂੰ ਮਜ਼ਬੂਤੀ ਮਿਲ ਰਹੀ ਹੈ ਅਤੇ ਕਾਂਗਰਸ ਪਾਰਟੀ ਹਮੇਸ਼ਾ ਹੀ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਰਹੀ ਹੈ। ਨਾਗਰਾ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਕਾਰਨ ਕਿਸਾਨਾਂ ਦੀ ਆਮਦਨ ਘੱਟ ਰਹੀ ਹੈ ਅਤੇ ਮਨਰੇਗਾ ਮਜ਼ਦੂਰਾਂ ਨੂੰ ਪੂਰਾ ਰੁਜ਼ਗਾਰ ਅਤੇ ਸਮੇਂ ’ਤੇ ਮਜ਼ਦੂਰੀ ਨਹੀਂ ਮਿਲ ਰਹੀ, ਜਿਸ ਕਾਰਨ ਪਿੰਡਾਂ ਦੀ ਆਰਥਿਕਤਾ ’ਤੇ ਮਾੜਾ ਅਸਰ ਪੈ ਰਿਹਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਅੱਗੇ ਪੰਜਾਬ ਦੇ ਹੱਕਾਂ ਦੀ ਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਨਾ ਤਾਂ ਮਨਰੇਗਾ ਲਈ ਪੂਰਾ ਫੰਡ ਲਿਆ ਜਾ ਰਿਹਾ ਹੈ ਅਤੇ ਨਾ ਹੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ ਹੈ। ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਅੱਜ ਦੀ ਪੰਜਾਬ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਜੁਮਲਿਆਂ ਤਕ ਸੀਮਿਤ ਰਹਿ ਗਈ ਹੈ, ਜਦਕਿ ਜ਼ਮੀਨੀ ਪੱਧਰ ’ਤੇ ਨਾ ਰੁਜ਼ਗਾਰ ਦੇ ਮੌਕੇ ਬਣ ਰਹੇ ਹਨ ਅਤੇ ਨਾ ਹੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਬਰਨਾਲਾ ਰੈਲੀ ਵਿਚ ਉਮੜਿਆ ਵੱਡਾ ਜਨਸਮੂਹ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਇਕੱਠੇ ਹੋ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਲਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨਗੇ। ਲੋਕਤੰਤਰ ਅਤੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕਾਂਗਰਸ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ, ਮੰਡਲ ਪ੍ਰਧਾਨ, ਐੱਸਸੀ ਸੈੱਲ, ਓਬੀਸੀ ਸੈੱਲ, ਯੂਥ ਕਾਂਗਰਸ, ਮਹਿਲਾ ਕਾਂਗਰਸ, ਬਲਾਕ ਸੰਮਤੀ ਮੈਂਬਰ, ਸਾਬਕਾ ਸਰਪੰਚ, ਪੰਚ, ਸਮੂਹ ਕਾਂਗਰਸ ਪਾਰਟੀ ਦੇ ਅਹੁਦੇਦਾਰ, ਕਾਂਗਰਸੀ ਆਗੂ, ਕਾਂਗਰਸੀ ਵਰਕਰ, ਮਨਰੇਗਾ ਵਰਕਰ ਤੇ ਹੋਰ ਪਤਵੰਤੇ ਮੌਜੂਦ ਸਨ।