- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਕਾਲਜ ਵਿਖੇ ਵਿਸ਼ੇਸ਼ ਹੁਨਰ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ:ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਵੱਲੋਂ ਮਹਿੰਦਰਾ ਪ੍ਰਾਈਡ ਕਲਾਸਰੂਮਜ਼, ਨੰਦੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਾਲਜ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਰੁਜ਼ਗਾਰਯੋਗਤਾ ਹੁਨਰਾਂ ਸਬੰਧੀ ਇਕ ਹਫ਼ਤੇ ਦਾ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਕਾਲਜ ਦੇ ਮੈਨੇਜਮੈਂਟ ਸਟੱਡੀਜ਼, ਕੰਪਿਊਟਰ ਸਾਇੰਸ, ਖੇਤੀਬਾੜੀ ਅਤੇ ਵੱਖ-ਵੱਖ ਸਾਇੰਸ ਵਿਭਾਗਾਂ ਦੇ ਵਿਦਿਆਰਥੀ ਦੋ ਬੈਚਾਂ ਵਿੱਚ ਭਾਗ ਲੈ ਰਹੇ ਹਨ, ਜਿਨ੍ਹਾਂ ਨੂੰ ਰੋਜ਼ਾਨਾ ਅੱਠ ਘੰਟਿਆਂ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਪ੍ਰੋਗਰਾਮ ਦੌਰਾਨ ਮਹਿੰਦਰਾ ਪ੍ਰਾਈਡ ਕਲਾਸਰੂਮਜ਼ ਦੇ ਕਾਰਪੋਰੇਟ ਟ੍ਰੇਨਰ ਰੁਬੀਨਾ ਡੈਨੀਅਲ ਅਤੇ ਵਿਵੇਕ ਪਠਾਨੀਆ ਵੱਲੋਂ ਵਿਦਿਆਰਥੀਆਂ ਨੂੰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਸਿਖਲਾਈ ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ ਵਿਚ ਵਾਧਾ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਕਰੀਅਰ ਮੌਕਿਆਂ ਲਈ ਤਿਆਰ ਕਰਨਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਵਿਹਾਰਕ ਅਤੇ ਪੇਸ਼ੇਵਰ ਹੁਨਰ ਪ੍ਰਦਾਨ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡੀਨ ਪਲੇਸਮੈਂਟ ਡਾ. ਮੁਕੇਸ਼ ਕੁਮਾਰ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਲਈ ਨਿਰੰਤਰ ਹੁਨਰ ਵਿਕਾਸ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ ਨੇ ਕਿਹਾ ਕਿ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਦੇ ਪ੍ਰਬੰਧਕੀ ਅਤੇ ਕਾਰੋਬਾਰੀ ਹੁਨਰਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਅਕਾਦਮਿਕ ਸਿੱਖਿਆ ਤੇ ਉਦਯੋਗ ਦੀਆਂ ਲੋੜਾਂ ਵਿਚਕਾਰਲੇ ਪਾੜੇ ਨੂੰ ਘਟਾਉਣ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਆਤਮਵਿਸ਼ਵਾਸ ਅਤੇ ਰੁਜ਼ਗਾਰਯੋਗਤਾ ਲਈ ਲੋੜੀਂਦੇ ਹੁਨਰ ਵਿਕਸਿਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।