- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਵਿਰੋਧੀ ਫ਼ੈਸਲੇ ਖ਼ਿਲਾਫ਼ ਗ੍ਰਹਿ ਮੰਤਰੀ ਨੂੰ ਪੱਤਰ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਗ੍ਰੈਜੂਏਸ਼ਨ ਕੋਰਸਾਂ ਦੇ ਸਿਲੇਬਸ ’ਚੋਂ ਪੰਜਾਬੀ ਨੂੰ ਬਾਹਰ ਕਰਨ ਦੇ ਫ਼ੈਸਲੇ ’ਤੇ ਸਖ਼ਤ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਗ੍ਰਹਿ ਮੰਤਰੀ ਵੱਲੋਂ ਹਿੰਦੀ ਦਿਵਸ ਮੌਕੇ ਭਾਰਤੀ ਭਾਸ਼ਾਵਾਂ ਨੂੰ ਗੁਲਦਸਤੇ ਵਾਂਗ ਇਕਸਾਰ ਮਹੱਤਵਪੂਰਨ ਦੱਸਣ ਵਾਲੇ ਬਿਆਨ ਦਾ ਹਵਾਲਾ ਦਿੰਦਿਆਂ ਬੰਡੂਗਰ ਨੇ ਕਿਹਾ ਕਿ ਜ਼ਮੀਨੀ ਹਕੀਕਤ ਇਸ ਤੋਂ ਉਲਟ ਹੈ ਅਤੇ ਘੱਟ ਗਿਣਤੀਆਂ ਆਪਣੀ ਬੋਲੀ, ਇਤਿਹਾਸ ਤੇ ਸੱਭਿਆਚਾਰ ਦੀ ਹੋਂਦ ਨੂੰ ਲੈ ਕੇ ਡੂੰਘੀ ਚਿੰਤਾ ’ਚ ਹਨ। ਉਨ੍ਹਾਂ ਯਾਦ ਦਿਵਾਇਆ ਕਿ ਪੰਜਾਬ ਯੂਨੀਵਰਸਿਟੀ ਲਾਹੌਰ ਯੂਨੀਵਰਸਿਟੀ ਦੇ ਬਦਲ ਵਜੋਂ ਕਾਇਮ ਕੀਤੀ ਗਈ ਸੀ, ਜਿਸ ਦਾ ਮੁੱਖ ਮਕਸਦ ਪੰਜਾਬੀ ਭਾਸ਼ਾ, ਇਤਿਹਾਸ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਸੀ। ਉਨ੍ਹਾਂ ਕੇਂਦਰ ਸਰਕਾਰ ਅਧੀਨ ਆਉਂਦੀ ਇਸ ਯੂਨੀਵਰਸਿਟੀ ਦੇ ਮਾਮਲੇ ’ਚ ਗ੍ਰਹਿ ਮੰਤਰੀ ਨੂੰ ਨਿੱਜੀ ਦਖ਼ਲ ਦੇਣ ਦੀ ਅਪੀਲ ਕੀਤੀ ਤਾਂ ਜੋ ਪੰਜਾਬੀ ਵਿਰੋਧੀ ਫ਼ੈਸਲਾ ਰੱਦ ਕਰਵਾ ਕੇ ਪੰਜਾਬੀਆਂ ਨੂੰ ਇਨਸਾਫ਼ ਮਿਲ ਸਕੇ।