ਪੱਤਰ ਪੇ੍ਰਕ, ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨ ਲਾਈਨ ਮੁਕਾਬਲਿਆਂ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਹੈ। ਜ਼ਿਲ੍ਹਾ ਸਿੱਖਿਆ ਅਫਸਰ (ਸ) ਪ੍ਰਭਸਿਮਰਨ ਕੌਰ ਨੇ ਦੱਸਿਆ ਕਿ ਇਸ ਸਬੰਧੀ ਕਰਵਾਏ ਸੂਬਾ ਪੱਧਰੀ ਭਾਸ਼ਨ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੰਜੋਲੀ ਕਲਾਂ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਮਨਕੀਰਤ ਕੌਰ ਨੇ ਸੀਨੀਅਰ ਵਰਗ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਵਿਦਿਆਰਥਣ ਨੂੰ ਇਨ੍ਹਾਂ ਮੁਕਾਬਲਿਆਂ ਦੀ ਤਿਆਰੀ ਕਰਵਾਉਣ 'ਚ ਅਧਿਆਪਕ ਡਾ. ਕੁਲਦੀਪ ਸਿੰਘ ਨੇ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੂਬਾ ਪੱਧਰੀ ਕਵਿਤਾ ਉਚਾਰਨ ਮੁਕਾਬਲਿਆਂ 'ਚ ਸਰਕਾਰੀ ਮਿਡਲ ਸਕੂਲ, ਚੌਰਵਾਲਾ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਪਹਿਲਾ ਸਥਾਨ ਕਰ ਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।