ਕਾਸੋ ਆਪ੍ਰੇਸ਼ਨ ਦਾ ਵੱਡਾ ਅਸਰ: 18 ਤੋਂ ਵੱਧ ਮਾਮਲੇ ਦਰਜ, 40 ਸ਼ੱਕੀ ਵਿਅਕਤੀ ਕਾਬੂ; ਡੀ.ਆਈ.ਜੀ. ਦੀ ਸਖ਼ਤ ਚਿਤਾਵਨੀ ਜਾਰੀ
ਡੀ.ਆਈ.ਜੀ. ਨਾਨਕ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਦੀ ਹਦਾਇਤਾ ਅਨੁਸਾਰ ਨਸ਼ਿਆਂ ਖ਼ਿਲਾਫ਼ ਰੂਪਨਗਰ ਰੇਂਜ ਦੇ ਤਿੰਨੋਂ ਜ਼ਿਲ੍ਹਿਆਂ ’ਚ ਲਗਾਤਾਰ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਅੱਜ ਸਵੇਰ ਤੋਂ ਕੋਟਲਾ ਬਜਵਾੜਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਵਿਆਪਕ ਪੱਧਰ ’ਤੇ ਸਰਚ ਅਤੇ ਚੈਕਿੰਗ ਮੁਹਿੰਮ ਚਲਾਈ ਗਈ, ਜੋ ਕਿ ਲਗਾਤਾਰ ਜਾਰੀ ਹੈ।
Publish Date: Sun, 04 Oct 2026 04:41 PM (IST)
Updated Date: Sun, 04 Oct 2026 04:49 PM (IST)
ਗੁਰਪ੍ਰੀਤ ਸਿੰਘ ਮਹਿਕ, ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ। ਪੰਜਾਬ ’ਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਕੋਟਲਾ ਬਜਵਾੜਾ ਵਿਖੇ ਰੂਪਨਗਰ ਰੇਂਜ ਦੇ ਡੀਆਈਜੀ ਨਾਨਕ ਸਿੰਘ ਦੀ ਅਗਵਾਈ ਹੇਠ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਐੱਸ.ਪੀ. ਅਮਨਦੀਪ ਸਿੰਘ ਬਰਾੜ, ਡੀ.ਐੱਸ.ਪੀ. ਫ਼ਤਹਿਗੜ੍ਹ ਸਾਹਿਬ ਕੁਲਬੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
ਡੀ.ਆਈ.ਜੀ. ਨਾਨਕ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਦੀ ਹਦਾਇਤਾ ਅਨੁਸਾਰ ਨਸ਼ਿਆਂ ਖ਼ਿਲਾਫ਼ ਰੂਪਨਗਰ ਰੇਂਜ ਦੇ ਤਿੰਨੋਂ ਜ਼ਿਲ੍ਹਿਆਂ ’ਚ ਲਗਾਤਾਰ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਅੱਜ ਸਵੇਰ ਤੋਂ ਕੋਟਲਾ ਬਜਵਾੜਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਵਿਆਪਕ ਪੱਧਰ ’ਤੇ ਸਰਚ ਅਤੇ ਚੈਕਿੰਗ ਮੁਹਿੰਮ ਚਲਾਈ ਗਈ, ਜੋ ਕਿ ਲਗਾਤਾਰ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਸਰਚ ਆਪ੍ਰੇਸ਼ਨ ਦੌਰਾਨ ਹੁਣ ਤੱਕ 40 ਤੋਂ ਵੱਧ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਕੇ 18 ਤੋਂ ਵੱਧ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਹੋਰ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।
ਡੀ.ਆਈ.ਜੀ. ਨਾਨਕ ਸਿੰਘ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ਿਆਂ ਦਾ ਕਾਰੋਬਾਰ ਤੁਰੰਤ ਛੱਡ ਦੇਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਡੀ.ਆਈ.ਜੀ. ਨਾਨਕ ਸਿੰਘ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕਿਸੇ ਵੀ ਜਾਣਕਾਰੀ ਬਾਰੇ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ’ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ।