ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
Publish Date: Thu, 18 Jun 2026 04:53 PM (IST)
Updated Date: Fri, 19 Jun 2026 04:04 AM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਅਸੀਸਾਂ ਪ੍ਰਾਪਤ ਕੀਤੀਆਂ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਕਾਸ਼ਦੀਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਸਮਾਗਮ ਦੀ ਸਮਾਪਤੀ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਕਥਾਵਾਚਕ ਭਾਈ ਗੁਰਜਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹਾਦਤ ਸਿੱਖ ਕੌਮ ਲਈ ਸਦੀਵੀ ਪ੍ਰੇਰਣਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਤੱਤੀ ਤਵੀ ਉੱਤੇ ਬੈਠ ਕੇ ਵੀ ਪ੍ਰਭੂ ਦੇ ਭਾਣੇ ਨੂੰ ਮਿੱਠਾ ਮੰਨਿਆ ਅਤੇ ਸੱਚ, ਧਰਮ ਤੇ ਮਨੁੱਖਤਾ ਦੀ ਰਾਖੀ ਲਈ ਅਦੁੱਤੀ ਕੁਰਬਾਨੀ ਦਿੱਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਗੁਰਬਾਣੀ ਨਾਲ ਜੁੜਨ ਦਾ ਸੱਦਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਸ੍ਰੀ ਫਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਾਨੂੰ ਧੀਰਜ, ਸਹਿਣਸ਼ੀਲਤਾ ਅਤੇ ਹੱਕ-ਸੱਚ ਲਈ ਅਡੋਲ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸਾਨੂੰ ਉਨ੍ਹਾਂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਸਿੱਖ ਇਤਿਹਾਸ ਦਾ ਸੁਨਹਿਰੀ ਅਧਿਆਇ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਸੱਚ, ਸੇਵਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਅੱਜ ਵੀ ਸਮੁੱਚੀ ਮਨੁੱਖਤਾ ਲਈ ਰਾਹ ਦਿਖਾਉਣ ਵਾਲਾ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਗ੍ਰੰਥੀ ਭਾਈ ਅਜਮੇਰ ਸਿੰਘ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਪਰਵਾਈਜ਼ਰ ਜੋਗਾ ਸਿੰਘ, ਸੁਖਦੇਵ ਸਿੰਘ ਕੋਟਾ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਮੀਤ ਮੈਨੇਜਰ ਪ੍ਰਿਤਪਾਲ ਸਿੰਘ, ਰਿਕਾਰਡ ਕੀਪਰ ਹਰਜੀਤ ਸਿੰਘ ਤੇ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।