- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਸਫ਼ਲ ਕਰਨ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ, ਮੰਡੀ ਗੋਬਿੰਦਗੜ੍ਹ ਵੱਲੋਂ ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ, ਸਮੂਹ ਸੁਖਮਨੀ ਸਾਹਿਬ ਸੁਸਾਇਟੀਆਂ ਅਤੇ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਏ। ਰਾਜੂ ਖੰਨਾ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਸੱਚ, ਸੇਵਾ, ਸਿਮਰਨ, ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤਾਂ ਨੂੰ ਆਪਣੇ ਜੀਵਨ ’ਚ ਅਪਣਾਉਣਾ ਚਾਹੀਦਾ ਹੈ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ’ਚੋਂ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸੰਪੰਨ ਹੋਇਆ। ਇਸ ਦੌਰਾਨ ਗਤਕਾ ਪਾਰਟੀਆਂ ਨੇ ਜੰਗਜੂ ਕਲਾ ਦੇ ਜੌਹਰ ਦਿਖਾਏ, ਜਦਕਿ ਬੈਂਡ ਪਾਰਟੀਆਂ ਅਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਵੱਖ-ਵੱਖ ਥਾਵਾਂ ’ਤੇ ਸ਼ਹਿਰ ਵਾਸੀਆਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ, ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਹੋਇਆ ਅਤੇ ਸੰਗਤਾਂ ਲਈ ਅਤੁੱਟ ਲੰਗਰ ਲਗਾਏ ਗਏ।